ਆਖ਼ਰ ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਿਆ

ਏਜੰਸੀ

ਖ਼ਬਰਾਂ, ਪੰਜਾਬ

ਆਖ਼ਰ ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਿਆ

image

ਚੰਡੀਗੜ੍ਹ, 9 ਨਵੰਬਰ (ਗੁਰਉਪਦੇਸ਼ ਭੁੱਲਰ): ਬੀਤੇ ਦਿਨੀਂ ਸਾਬਕਾ ਭਾਜਪਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਵਲੋਂ ਤਿੰਨ ਕੇਂਦਰੀ ਮੰਤਰੀਆਂ ਰਾਜਨਾਥ ਸਿੰਘ, ਨਰਿੰਦਰ ਤੋਮਰ ਅਤੇ ਪਿਊਸ਼ ਗੋਇਲ ਨਾਲ ਪੰਜਾਬ ਦੇ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਮੀਟਿੰਗ ਦਾ ਅੱਜ ਸ਼ਾਮ ਮਾਹੌਲ ਸੁਖਾਵਾਂ ਕਰਨ ਵਾਲਾ ਹਾਂ ਪੱਖੀ ਹੁੰਗਾਰਾ ਵੇਖਣ ਨੂੰ ਮਿਲਿਆ ਹੈ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸ਼ਕਤੀ ਦਾ ਅਹਿਸਾਸ ਕਰਦਿਆਂ ਉਨ੍ਹਾਂ ਨੂੰ ਗੱਲਬਾਤ ਲਈ ਸੱਦ ਲਿਆ ਹੈ।
ਭਾਵੇਂ ਪਹਿਲਾਂ ਇਹ ਗੱਲਬਾਤ ਦੀਵਾਲੀ ਬਾਅਦ ਕਰਨ ਦੀ ਗੱਲ ਆਖੀ ਗਈ ਸੀ ਪਰ ਹੁਣ ਇਹ ਮੀਟਿੰਗ ਦੀਵਾਲੀ ਤੋਂ ਪਹਿਲਾਂ ਹੀ ਬੁਲਾ ਲਈ ਗਈ ਹੈ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਜੋ ਬੀਤੇ ਦਿਨ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਵਿਚ ਸ਼ਾਮਲ ਸਨ, ਨੇ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਵਾਰ ਮੀਟਿੰਗ ਮੰਤਰੀ ਪੱਧਰ 'ਤੇ ਹੋਵੇਗੀ। ਇਹ ਮੀਟਿੰਗ 13 ਨਵੰਬਰ 12 ਵਜੇ ਦਿੱਲੀ ਕੇਂਦਰੀ ਰਖਿਆ ਮੰਤਰੀ ਰਾਜਨਾਥ ਸਿੰਘ ਦੀ ਰਿਹਾਇਸ਼ 'ਤੇ ਰੱਖੀ ਗਈ ਹੈ। ਇਸ ਵਿਚ ਖੇਤੀ ਤੇ ਰੇਲ ਮੰਤਰੀ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਕੇਂਦਰੀ ਖੇਤੀ ਕਾਨੂੰਨਾਂ ਬਾਰੇ ਕਿਸਾਨ ਆਗੂਆਂ ਨਾਲ ਖੁਲ੍ਹੇ ਮਨ ਨਾਲ ਗੱਲਬਾਤ ਹੋਵੇਗੀ ਕਿਉਂਕਿ ਕੇਂਦਰ ਸਰਕਾਰ ਵੀ ਕਿਸਾਨਾਂ ਦੇ ਮਸਲੇ ਦਾ ਹੱਲ ਕਰ ਕੇ ਦੀਵਾਲੀ 'ਤੇ ਪੰਜਾਬ ਵਿਚ ਮਾਹੌਲ ਸੁਖਾਵਾਂ ਕਰਨਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਤਿੰਨ ਸੀਨੀਅਰ ਮੰਤਰੀਆਂ ਦੀ ਗੱਲਬਾਤ ਲਈ ਡਿਊਟੀ ਲਾਈ ਹੈ। ਉਨ੍ਹਾਂ ਦਸਿਆ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਬਕਾਇਦਾ ਲਿਖਤੀ ਸੱਦਾ ਪੱਤਰ ਭੇਜੇ ਜਾ ਰਹੇ ਹਨ ਅਤੇ ਸੱਦਾ ਦੇਣ ਤੋਂ ਪਹਿਲਾਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਵੀ ਕੇਂਦਰ ਵਲੋਂ ਚਰਚਾ ਕੀਤੀ ਗਈ ਹੈ।