ਕੋਵਿਡ-19 ਸਬੰਧੀ ਸੁਰੱਖਿਆ ਉਪਾਅ ਅਪਣਾਉ ਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰੋ
ਕੋਵਿਡ-19 ਸਬੰਧੀ ਸੁਰੱਖਿਆ ਉਪਾਅ ਅਪਣਾਉ ਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰੋ
ਚੰਡੀਗੜ੍ਹ, 9 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਮਾਜਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ, ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਿਹਤ ਤੇ ਪਰਵਾਰ ਭਲਾਈ ਅਤੇ ਕਿਰਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਦੇ ਮਦੇਨਜ਼ਰ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਉਹਾਰ ਮਨਾਉਣ ਅਤੇ ਵਧ ਰਹੇ ਹਵਾ ਪ੍ਰਦੂਸ਼ਣ ਦੇ ਸਨਮੁੱਖ ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ। ਇਥੇ ਜਾਰੀ ਸਾਂਝੇ ਬਿਆਨ ਵਿਚ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸੁਰੱਖਿਅਤ ਤਿਉਹਾਰ ਮਨਾਉਣਾ ਯਕੀਨੀ ਬਣਾਉਣ ਲਈ ਸਾਨੂੰ ਅਸਾਧਾਰਣ ਸਵੈ-ਅਨੁਸ਼ਾਸਨ ਅਤੇ ਸੰਜਮ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਕੋਵਿਡ-19 ਸੁਰੱਖਿਆ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਜ਼ਿੰਮੇਵਾਰੀ ਨਾਲ ਤਿਉਹਾਰ ਮਨਾਉਣਾ ਚਾਹੀਦਾ ਹੈ। ਮੰਤਰੀਆਂ ਨੇ ਕਿਹਾ ਕਿ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਦੂਰ ਰਹਿ ਕੇ ਅਪਣੇ ਘਰਾਂ ਵਿਚ ਹੀ ਅਪਣੇ ਪਰਵਾਰਾਂ ਨਾਲ ਤਿਉਹਾਰ ਦਾ ਅਨੰਦ ਮਾਨਣਾ ਚਾਹੀਦਾ ਹੈ ਅਤੇ ਜੇ ਉਨ੍ਹਾਂ ਨੂੰ ਘਰੋਂ ਬਾਹਰ ਜਾਣ ਦੀ ਲੋੜ ਪੈਂਦੀ ਵੀ ਹੈ ਤਾਂ ਉਹ ਹਰ ਸਮੇਂ ਮਾਸਕ ਜ਼ਰੂਰ ਪਹਿਨਣ।
ਮੰਤਰੀਆਂ ਨੇ ਕਿਹਾ ਕਿ ਸਿਹਤ ਪ੍ਰੋਟੋਕੋਲਾਂ ਅਨੁਸਾਰ ਕੰਟੇਨਮੈਂਟ ਜ਼ੋਨਾਂ ਵਿਚ ਤਿਉਹਾਰ ਸਬੰਧੀ ਕਿਸੇ ਸਮਾਗਮਾਂ ਦੀ ਆਗਿਆ ਨਹੀਂ ਹੈ। ਕੰਟੇਨਮੈਂਟ ਜ਼ੋਨਾਂ ਤੋਂ ਆਉਣ ਵਾਲੇ ਪ੍ਰਬੰਧਕਾਂ/ਸਟਾਫ਼/ਮਹਿਮਾਨਾਂ ਨੂੰ ਸਮਾਗਮਾਂ ਦਾ ਹਿੱਸਾ ਬਣਨ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਅਪਣੇ ਘਰਾਂ ਵਿਚ ਤਿਉਹਾਰ ਮਨਾਉਣ ਲਈ ਉਤਸ਼ਾਹਤ ਕੀਤਾ ਜਾਵੇ। ਉਨ੍ਹਾਂ 64 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ, ਹੋਰਨਾਂ ਬੀਮਾਰੀਆਂ ਤੋਂ ਪੀੜਤ ਵਿਅਕਤੀਆਂ, ਗਰਭਵਤੀ ਮਹਿਲਾਵਾਂ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਘਰ ਅੰਦਰ ਹੀ ਰਹਿਣ ਦੀ ਸਲਾਹ ਦਿਤੀ।