ਸਿਹਤ ਮੰਤਰੀ ਨੇ 12 ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨ ਸਰਕਾਰ ਦਾ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਨ ਵੱਲ ਵਧਦਾ ਕਦਮ

Health Minister handed over appointment letters to 12 ward attendants

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਅਨੁਸਾਰ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ 12 ਨੌਜਵਾਨਾਂ ਨੂੰ ਵਾਰਡ ਅਟੈਂਡੈਂਟਾਂ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਇਮਾਨਦਾਰੀ ਨਾਲ ਆਪਣੀ ਸੇਵਾ ਲੋਕ ਹਿੱਤ ‘ਚ ਕਰਨ ਅਤੇ ਡਿਊਟੀ ਦੌਰਾਨ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਰਤਾਰਾ ਅਪਨਾਉਣਾ ਯਕੀਨੀ ਬਣਾਉਣ।

ਜੌੜਾਮਾਜਰਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਜਲਦੀ ਹੀ 634 ਮਾਹਿਰ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੋਤੜਾ ਅਤੇ ਵਿਭਾਗ ਦੇ ਹੋਰ ਸੀਨੀਆਰ ਅਧਿਕਾਰੀ ਵੀ ਹਾਜ਼ਰ ਸਨ।