ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਡੱਟ ਕੇ ਉਨ੍ਹਾਂ ਦੇ ਨਾਲ ਖੜ੍ਹੇ ਹਾਂ, ਕੇਂਦਰ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ: ਹਰਭਜਨ ਸਿੰਘ ਈਟੀਓ

Cabinet Minister Harbhajan Singh ETO criticizes the Center for not announcing the date of PU Senate elections

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ 'ਤੇ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਂਕਿ, ਕੇਂਦਰ ਸਰਕਾਰ ਨੇ ਵਿਵਾਦਤ ਨੋਟੀਫਿਕੇਸ਼ਨ ਰੱਦ ਕਰਕੇ ਇੱਕ ਕਦਮ ਤਾਂ ਪਿਛਾਂਹ ਪੁੱਟਿਆ ਹੈ ਪਰ ਹੁਣ ਤੱਕ ਅਗਲੀਆਂ ਚੋਣਾਂ ਦੀ ਤਰੀਕ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਖਾਸ ਕਰਕੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਯੂਨੀਵਰਸਿਟੀ ਦੇ ਸੰਘੀ ਢਾਂਚੇ ਨੂੰ ਬਹਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੈਨੇਟ ਦੇ 91 ਮੈਂਬਰਾਂ ਦਾ ਕਾਰਜਕਾਲ 31 ਅਕਤੂਬਰ, 2024 ਨੂੰ ਖਤਮ ਹੋ ਗਿਆ ਸੀ ਪਰ ਭਾਜਪਾ ਸਰਕਾਰ ਨੇ ਇਨ੍ਹਾਂ ਚੋਣਾਂ ਲਈ ਕੋਈ ਸਮਾਂ-ਸਾਰਣੀ ਦਾ ਐਲਾਨ ਨਹੀਂ ਕੀਤਾ ਹੈ ਜੋ ਕਿ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਨਹੀਂ ਤਾਂ ਸਮਾਜ ਦੇ ਹਰ ਵਰਗ ਵੱਲੋਂ ਉਸਨੂੰ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਤੱਕ ਕੇਂਦਰ ਸਰਕਾਰ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਯੂਨੀਵਰਸਿਟੀ ਦੇ ਸੰਘੀ ਢਾਂਚੇ 'ਤੇ ਭਾਜਪਾ ਦੇ ਸਿੱਧੇ ਹਮਲੇ ਦੀ ਹਰ ਪਲੇਟਫਾਰਮ 'ਤੇ ਨਿੰਦਾ ਕਰੇਗੀ।