ਮੋਦੀ ਸਰਕਾਰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰੇ : ਗਿਆਨੀ ਹਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਾਬਤੇ ਵਿਚ ਰਹਿ ਕੇ ਸ਼ਾਂਤੀ ਨਾਲ ਸੰਘਰਸ਼ ਕਰਨ

Giani Harpreet Singh

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।

ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ 'ਜਥੇਦਾਰ' ਨੇ ਕਿਹਾ ਕਿ ਇਹ ਕਾਨੂੰਨ ਵਪਾਰੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਿਤ ਵਿਚ ਬਣਾਏ ਗਏ ਹਨ।

 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨ ਧਿਰਾਂ, ਖੇਤੀਬਾੜੀ ਮਾਹਰਾਂ ਨਾਲ ਵਿਚਾਰ ਕਰਨਾ ਚਾਹੀਦਾ ਸੀ ਅਤੇ ਲੋਕ ਸਭਾ ਅਤੇ ਰਾਜ ਸਭਾ ਵਿਚ ਬਹਿਸ ਹੋਣੀ ਚਾਹੀਦੀ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 'ਜਥੇਦਾਰ' ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨ ਕੇ ਅਤੇ ਖੇਤੀ ਨੂੰ ਬਚਾਉਣ ਲਈ ਤੁਰਤ ਇਹ ਕਾਨੂੰਨ ਰੱਦ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਾਬਤੇ ਵਿਚ ਰਹਿ ਕੇ ਸ਼ਾਂਤੀ ਨਾਲ ਸੰਘਰਸ਼ ਕਰਨ। ਦੂਜੇ ਪਾਸੇ ਅਦਾਕਾਰਾ ਕੰਗਨਾ ਰਣੌਤ ਵਲੋਂ ਕਿਸਾਨੀ ਸੰਘਰਸ਼ 'ਤੇ ਕੀਤੇ ਜਾ ਰਹੇ ਟਵਿਟਸ ਦੀ ਵੀ 'ਜਥੇਦਾਰ' ਨੇ ਨਿੰਦਾ ਕੀਤੀ ਹੈ। ਨਾਲ ਹੀ 'ਜਥੇਦਾਰ' ਨੇ ਕਿਹਾ ਕਿ ਸਾਡੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਹੈ ਕਿ ਕਿਸਾਨ ਅਪਣੇ ਸੰਘਰਸ਼ ਵਿਚ ਜਲਦ ਜਿੱਤ ਪ੍ਰਾਪਤ ਕਰਨ ਅਤੇ ਆਪੋ-ਅਪਣੇ ਘਰਾਂ ਨੂੰ ਪਰਤਣ।