ਮੋਦੀ ਸਰਕਾਰ ਤਾਨਾਸ਼ਾਹੀ ਫ਼ੈਸਲਾ ਵਾਪਸ ਲਵੇ ਤੇ ਕਿਸਾਨਾਂ ਨੂੰ ਦੇਵੇ ਇਨਸਾਫ਼: ਸੰਸਾਰ ਸਿੰਘ

ਏਜੰਸੀ

ਖ਼ਬਰਾਂ, ਪੰਜਾਬ

ਮੋਦੀ ਸਰਕਾਰ ਤਾਨਾਸ਼ਾਹੀ ਫ਼ੈਸਲਾ ਵਾਪਸ ਲਵੇ ਤੇ ਕਿਸਾਨਾਂ ਨੂੰ ਦੇਵੇ ਇਨਸਾਫ਼: ਸੰਸਾਰ ਸਿੰਘ

image

ਨਵੀਂ ਦਿੱਲੀ, 9 ਦਸੰਬਰ (ਸੁਖਰਾਜ ਸਿੰਘ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਜਥੇਦਾਰ ਸੰਸਾਰ ਸਿੰਘ ਨੇ ਦੇਸ਼ ਵਾਸੀਆਂ ਦਾ ਤਹਿ ਦਿਲੋਂ ਧਨਵਾਦ ਕਰਦਿਆਂ ਕਿਹਾ ਕਿ ਸਮੁੱਚੇ ਭਾਰਤ ਦੇਸ਼ ਦੇ ਲੋਕਾਂ ਨੇ ਕਿਸਾਨਾਂ ਦੇ ਦਰਦ ਨੂੰ ਸਮਝਿਆ ਹੈ ਅਤੇ ਭਾਰਤ ਬੰਦ ਦੇ ਸੱਦੇ ਨੂੰ ਪ੍ਰਵਾਨ ਕਰਦਿਆਂ ਹੋਇਆਂ ਆਪਣੇ ਕਾਰੋਬਾਰ ਬੰਦ ਰੱਖ ਕੇ ਇਹ ਸਾਬਤ ਕਰ ਦਿੱਤਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਤਾਨਾਸ਼ਾਹੀ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਹੰਕਾਰੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨਦਿਆਂ ਹੋਇਆਂ ਤਿੰਨੇ ਹੀ ਕਾਲੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਸਰਕਾਰ ਨੂੰ ਕਿਤੇ ਚਿੱਤ-ਚੇਤਾ ਵੀ ਨਹੀਂ ਕਿ ਇਹ ਖੇਤੀ ਕਾਨੂੰਨ ਸਰਕਾਰ ਲਈ ਏਨੀ ਵੱਡੀ ਚੋਣੌਤੀ ਬਣ ਜਾਣਗੇ ਅਤੇ ਕਿਸਾਨ ਅੰਦੋਲਨ ਨੂੰ ਦੁਨੀਆਂ ਭਰ ਦੇ ਦੇਸ਼ਾਂ ਦਾ ਸਮਰਥਨ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਇਲਾਵਾ ਦੇਸ਼ ਦੇ ਸਾਰੇ ਹੀ ਫ਼ਿਰਕਿਆਂ ਅਤੇ ਸਿਆਸੀ ਪਾਰਟੀਆਂ ਨੇ ਇਸ ਕਿਸਾਨ ਅੰਦੋਲਨ ਦੀ ਡੱਟਵੀਂ ਹਮਾਇਤ ਕੀਤੀ ਹੈ। ਜਦਕਿ ਕਈ ਵਿਦੇਸ਼ੀ ਪ੍ਰਧਾਨ ਮੰਤਰੀਆਂ ਅਤੇ ਸੰਯੁਕਤ ਰਾਸ਼ਟਰ ਦੇ ਆਗੁਆਂ ਨੇ ਵੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਹੈ।
ਜਥੇ. ਸੰਸਾਰ ਸਿੰਘ ਨੇ ਕਿਹਾ ਕਿ ਅੱਜ ਸਾਰੇ ਹੀ ਮੋਦੀ ਸਰਕਾਰ ਨੂੰ ਇਹ ਸਵਾਲ ਪੁੱਛ ਰਹੇ ਹਨ ਕਿ ਜੇ ਕਿਸਾਨ ਇਹ ਖੇਤੀ ਕਾਨੂੰਨ ਚਾਹੁੰਦਾ ਹੀ ਨਹੀਂ ਹੈ ਤਾਂ ਭਾਜਪਾਈਆਂ ਦੀ ਸਰਕਾਰ ਦੇਸ਼ ਦੇ ਅੰਨਦਾਤਾ 'ਤੇ ਇਹ ਤਿੰਨ ਕਾਲੇ ਕਾਨੂੰਨ ਜਬਰੀ ਕਿਉਂ ਥੋਪ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਤੁਰੰਤ ਤਿੰਨੇ ਆਰਡੀਨੈਂਸ ਰੱਦ ਕਰਕੇ ਸਮੁੱਚੇ ਕਿਸਾਨਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਕਿਉਂਕਿ ਜਿਸ ਦੇਸ਼ ਦਾ ਕਿਸਾਨ ਅਮੀਰ ਹੋਵੇਗਾ ਉਹ ਦੇਸ਼ ਹਮੇਸ਼ਾ ਹੀ ਖ਼ੁਸ਼ਹਾਲ ਤੇ ਆਬਾਦ ਰਹੇਗਾ।