ਮੰਤਰੀ ਮੰਡਲ ਦੀ ਮੀਟਿੰਗ ਮੌਕੇ ਆਂਗਨਵਾੜੀ ਮੁਲਾਜ਼ਮਾਂ ਨੇ ਪੰਜਾਬ ਭਵਨ ਵਲ ਬੋਲਿਆ ਧਾਵਾ

ਏਜੰਸੀ

ਖ਼ਬਰਾਂ, ਪੰਜਾਬ

ਮੰਤਰੀ ਮੰਡਲ ਦੀ ਮੀਟਿੰਗ ਮੌਕੇ ਆਂਗਨਵਾੜੀ ਮੁਲਾਜ਼ਮਾਂ ਨੇ ਪੰਜਾਬ ਭਵਨ ਵਲ ਬੋਲਿਆ ਧਾਵਾ

image

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਕੇ ਰਾਹ ਖ਼ਾਲੀ ਕਰਵਾਇਆ

ਚੰਡੀਗੜ੍ਹ, 9 ਦਸੰਬਰ (ਭੱਲਰ) :  ਅੱਜ ਮੰਤਰੀ ਮੰਡਲ ਦੀ ਮੀਟਿੰਗ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਅੰਦੋਲਨਕਾਰੀ ਆਂਗਨਵਾੜੀ ਮੁਲਾਜ਼ਮਾਂ ਨੇ ਪੰਜਾਬ ਭਵਨ ਵਲ ਧਾਵਾ ਬੋਲ ਦਿਤਾ। ਤੁਰਤ ਹੀ ਪੁਲਿਸ ਵੀ ਹਰਕਤ ਵਿਚ ਆਈ ਅਤੇ ਪ੍ਰਦਰਸ਼ਨ ਕਰ ਰਹੀਆਂ ਆਂਗਨਵਾੜੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਕੇ ਮੰਤਰੀਆਂ ਲਈ ਰਾਹ ਖ਼ਾਲੀ ਕਰਵਾਇਆ। 
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਅੱਜ ਪੰਜਾਬ ਭਵਨ ਪਹੁੰਚਕੇ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ। ਇਸ ਮੌਕੇ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰ ਹੈਲਪਰ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਵੀ ਵਿਸ਼ੇਸ਼ ਤੌਰ ਉਤੇ ਪਹੁੰਚੇ। ਪੰਜਾਬ ਭਵਨ ਵਿੱਚ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਲਈ ਜਦੋਂ ਮੰਤਰੀਆਂ ਨੇ ਬਾਹਰ ਜਾਣਾ ਸੀ ਤਾਂ ਚੰਡੀਗੜ੍ਹ ਪੁਲਿਸ ਨੇ ਸੰਘਰਸ਼ਕਾਰੀ ਮਹਿਲਾਵਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਬਾਅਦ ਪੁਲਿਸ ਸੈਕਟਰ 39 ਥਾਣੇ ਲੈ ਗਈ। ਜ਼ਿਕਰਯੋਗ ਹੈ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਹੈ। ਯੂਨੀਅਨ ਵੱਲੋਂ ਮੋਰਚੇ ਵਿੱਚ ਡਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਰਵਾਜੇ ਪੱਕਾ ਮੋਰਚਾ ਲਗਾਇਆ ਹੋਇਆ ਹੈ।  ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਆਂਗਨਵਾੜੀ ਵਰਕਰਾਂ ਨੇ ਬੜੇ ਹੀ ਯੋਜਨਾਬੱਧ ਤਰੀਕੇ ਨਾਲ ਪੰਜਾਬ ਭਵਨ ਪਹੁੰਚ ਕੇ ਪ੍ਰਦਰਸ਼ਨ ਕੀਤਾ।