ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤੇ ਪੁਖਤਾ ਪ੍ਰਬੰਧ: ਡੀਜੀਪੀ ਅਰਪਿਤ ਸ਼ੁਕਲਾ
ਸੂਬੇ ਭਰ 'ਚ 44,000 ਮੁਲਾਜ਼ਮ ਰਹਿਣਗੇ ਤਾਇਨਾਤ
ਚੰਡੀਗੜ੍ਹ: ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਨੇ ਕਮਰ ਕੱਸ ਲਈ ਹੈ। ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ (Special DGP) ਅਰਪਿਤ ਸ਼ੁਕਲਾ ਨੇ ਅੱਜ ਦੱਸਿਆ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਸਪੈਸ਼ਲ ਡੀਜੀਪੀ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 13,395 ਪੋਲਿੰਗ ਸਟੇਸ਼ਨ ਅਤੇ 18,718 ਪੋਲਿੰਗ ਬੂਥ ਬਣਾਏ ਗਏ ਹਨ। ਸੁਰੱਖਿਆ ਦੇ ਨਜ਼ਰੀਏ ਤੋਂ ਵਰਗੀਕਰਨ ਕਰਦੇ ਹੋਏ ਉਨ੍ਹਾਂ ਦੱਸਿਆ ਕਿ:
860 ਬੂਥਾਂ ਨੂੰ 'ਅਤਿ-ਸੰਵੇਦਨਸ਼ੀਲ' (Hyper sensitive) ਮੰਨਿਆ ਗਿਆ ਹੈ।
3,405 ਬੂਥ 'ਸੰਵੇਦਨਸ਼ੀਲ' (Sensitive) ਸ਼੍ਰੇਣੀ ਵਿੱਚ ਰੱਖੇ ਗਏ ਹਨ।
9,127 ਬੂਥ ਆਮ (Normal) ਹਨ।
ਉਨ੍ਹਾਂ ਭਰੋਸਾ ਦਿੱਤਾ ਕਿ ਹਰ ਪੋਲਿੰਗ ਬੂਥ 'ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।
ਅਰਪਿਤ ਸ਼ੁਕਲਾ ਨੇ ਦੱਸਿਆ ਕਿ ਚੋਣ ਡਿਊਟੀ ਲਈ 44,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਨਾਕੇ ਲਗਾਏ ਗਏ ਹਨ ਅਤੇ ਪੈਟਰੋਲਿੰਗ ਪਾਰਟੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਦੀ ਪੁਲਿਸ ਨਾਲ ਵੀ ਤਾਲਮੇਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ (Counting Centres) ਵਿੱਚ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।