ਕੈਪਟਨ ਨੇ ਪਟਿਆਲਾ ਤੇ ਫਤਹਿਗੜ੍ਹ ਸਾਹਿਬ ਦੀਆਂ ਪੰਚਾਇਤਾਂ ਨੂੰ ਅਹੁਦੇ ਤੇ ਡੈਪੋ ਵਜੋਂ ਸਹੁੰ ਚੁਕਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ...

ਸਹੁੰ ਚੁੱਕ ਸਮਾਗਮ

ਪਟਿਆਲਾ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮੰਤੀ ਮੈਂਬਰਾਂ ਨੂੰ ਅਹੁਦੇ ਅਤੇ ਨਸ਼ਾ ਰੋਕੂ ਅਫਸਰ (ਡੈਪੋ) ਵਜੋਂ ਹਲਫ਼ ਦਿਵਾਇਆ ਅਤੇ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਆਪਣੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸਰੁੱਖਿਅਤ ਬਣਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦਾ ਰੋਲ ਬਹੁਤ ਮਹੱਤਵਪੂਰਨ ਹੈ।

ਇਨ੍ਹਾਂ ਨੁਮਾਇੰਦਿਆਂ ਨੂੰ ਡੈਪੋ ਵਜੋਂ ਸਹੁੰ ਚੁਕਵਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਇਹ ਪਹਿਲੀ ਜ਼ਿੰਮੇਵਾਰੀ ਹੈ, ਜਿਹੜੀ ਮੈਂ ਤਹਾਨੂੰ ਸੌਂਪ ਰਿਹਾ ਹਾਂ।'' ਨਸ਼ਿਆਂ ਦੇ ਲਾਹਨਤ ਨਾਲ ਇਕ ਪੂਰੀ ਪੀੜ੍ਹੀ ਬਰਬਾਦ ਹੋ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਉਨ੍ਹਾਂ ਨੇ ਸਹੁੰ ਖਾਧੀ ਸੀ ਅਤੇ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿੱਚ ਵੱਡੀ ਸਫਲਤਾ ਕੀਤੀ ਹੈ। ਮੁੱਖ ਮੰਤਰੀ ਨੇ ਚੁਣੇ ਹੋਏ ਮੈਂਬਰਾਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਡੈਪੋ ਅਤੇ ਬੱਡੀ ਪ੍ਰੋਗਰਾਮਾਂ ਦੇ ਨਾਲ-ਨਾਲ ਓ.ਓ.ਏ.ਟੀ. ਕਲੀਨਿਕ ਬਹੁਤ ਕਾਮਯਾਬ ਸਿੱਧ ਹੋਏ ਹਨ ਅਤੇ ਹੁਣ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦੇਣ ਦੀ ਜ਼ਿੰਮੇਵਾਰੀ ਉਨ੍ਹਾਂ (ਚੁਣੇ ਹੋਏ ਨੁਮਾਇੰਦਿਆਂ) ਦੇ ਮੋਢਿਆ 'ਤੇ ਹੈ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਪੰਚਾਂ ਅਤੇ ਸਰਪੰਚਾਂ ਦੀ ਚੋਣ ਹੇਠਲੇ ਪੱਧਰ 'ਤੇ ਪੰਚਾਇਤੀ ਰਾਜ ਪ੍ਰਣਾਲੀ ਰਾਹੀਂ ਹੋਈ ਹੈ ਜੋ ਸਾਡੇ ਮੁਲਕ ਦਾ ਮਜ਼ਬੂਤ ਥੰਮ੍ਹ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵੱਲੋਂ ਪੰਚਾਇਤੀ ਚੋਣਾਂ ਵਿੱਚ ਗਲਤ ਹੱਥਕੰਡੇ ਵਰਤਣ ਦੇ ਬਾਵਜੂਦ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਦੇ ਉਲਟ ਇਸ ਵਾਰ ਸੂਬੇ ਵਿੱਚ ਚੋਣਾਂ ਅਮਨ-ਸ਼ਾਂਤੀ ਨਾਲ ਹੋਈਆਂ ਹਨ। ਮੁੱਖ ਮੰਤਰੀ ਨੇ ਪੰਚਾਇਤੀ ਚੋਣਾਂ ਨੂੰ ਅਸਲ ਚੋਣਾਂ ਦੱਸਿਆ ਕਿਉਂ ਜੋ ਇਹ ਚੋਣਾਂ ਲੋਕਾਂ ਨੂੰ ਸਹੀ ਮਾਅਨਿਆਂ ਵਿੱਚ ਸ਼ਕਤੀ ਪ੍ਰਦਾਨ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ਤੱਕ ਲੋਕਾਂ ਨੂੰ ਅਧਿਕਾਰ ਦੇਣ ਦਾ ਸਪਨਾ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਸੀ ਜਿਨ੍ਹਾਂ ਨੇ ਇਸ ਉਦੇਸ਼ ਦੀ ਪੂਰਤੀ ਲਈ ਸੰਵਿਧਾਨ (73ਵੀਂ ਸੋਧ) ਐਕਟ, 1992 ਨੂੰ ਅਮਲੀਜਾਮਾ ਪਹਿਨਾਇਆ ਜਿਸ ਨੂੰ ਪੰਚਾਇਤੀ ਰਾਜ ਐਕਟ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਨਵੇਂ ਚੁਣੇ ਮੈਂਬਰਾਂ ਨੂੰ ਇਸ ਸਪੁਨੇ ਨੂੰ ਹਕੀਕਤ ਵਿੱਚ ਬਦਲਣ ਲਈ ਸੰਜੀਦਗੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਉਨ੍ਹਾਂ ਦੇ ਮੁਕਾਬਲੇ ਹਾਰੇ ਹੋਏ ਉਮੀਦਵਾਰਾਂ ਨੂੰ ਵੀ ਨਾਲ ਲੈ ਕੇ ਚੱਲਣ ਤਾਂ ਕਿ ਉਨ੍ਹਾਂ ਦੇ ਇਲਾਕੇ ਦਾ ਚੌਤਰਫ਼ਾ ਵਿਕਾਸ ਹੋ ਸਕੇ।

ਸ੍ਰੀਮਤੀ ਪਰਨੀਤ ਕੌਰ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਾਰੀਆਂ ਪਾਰਟੀਆਂ ਦੇ ਸਾਂਝੇ ਉਦਮ ਤੇ ਯੋਜਨਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਚਾਇਤਾਂ ਨੂੰ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਪਿੰਡਾਂ 'ਚ ਹੇਠਲੇ ਪੱਧਰ 'ਤੇ ਸਮੁੱਚੇ ਪਿੰਡ ਵਾਸੀਆਂ ਦੇ ਸਾਥ ਨਾਲ ਅੱਗੇ ਵਧਣਾ ਚਾਹੀਦਾ ਹੈ। ਸ੍ਰੀਮਤੀ ਪਰਨੀਤ ਕੌਰ ਨੇ ਔਰਤਾਂ ਨੂੰ 50 ਫ਼ੀਸਦੀ ਰਾਖਵਾਂਕਰਨ ਦਾ ਲਾਭ ਮਿਲਣ ਨੂੰ ਇਤਿਹਾਸਕ ਤੇ ਮਾਣਮੱਤਾ ਫੈਸਲਾ ਦੱਸਦਿਆਂ ਕਿਹਾ ਕਿ ਹੁਣ ਔਰਤਾਂ ਨੂੰ ਪਿੰਡਾਂ ਦੇ ਵਿਕਾਸ ਸਮੇਤ ਇੱਕ ਮਜ਼ਬੂਤ ਅਤੇ ਨਵੇਂ ਪੰਜਾਬ ਦੀ ਸਿਰਜਣਾ ਲਈ ਅੱਗੇ ਵਧਣ ਵਾਸਤੇ ਮਰਦਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਉਨਹਾਂ ਦਾ ਭਰਵਾਂ ਸਾਥ ਤੇ ਸਹਿਯੋਗ ਦੇਣਾ ਚਾਹੀਦਾ ਹੈ।

ਉਨਹਾਂ ਨੇ ਨਵੇਂ ਚੁਣੇ ਨੌਜਵਾਨ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਉਨਹਾਂ ਨੂੰ ਵੀ ਆਪਣੇ ਇਲਾਕੇ ਦੇ ਵਿਕਾਸ ਲਈ ਨਵੇਂ ਸੰਚਾਰ ਸਾਧਨਾਂ ਦੀ ਵਰਤੋਂ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਤੁਹਾਡੇ ਨਾਲ ਖੜੀ ਹੈ। ਇਸ ਸਮੇਂ ਆਪਣੇ ਸੰਬੋਧਨ 'ਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਪਿੰਡਾਂ 'ਚ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਉਨਹਾਂ ਨੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਤੇ ਸਰਪੰਚਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੱਦਾ ਦਿੱਤਾ ਕਿ ਉਹ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਵਿਕਾਸ ਕੰਮਾਂ 'ਤੇ ਆਪਣਾ ਧਿਆਨ ਕੇਂਦਰਿਤ ਕਰਨ।

ਸ੍ਰੀ ਬ੍ਰਹਮ ਮਹਿੰਦਰਾ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਮੈਂਬਰਾਂ ਨੂੰ ਸਿਆਸੀ ਵਲਗਣਾਂ ਤੋਂ ਅੱਗੇ ਵਧ ਕੇ ਆਪਸੀ ਭਾਈਚਾਰਾ ਕਾਇਮ ਰੱਖਣ ਲਈ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਆਪਣਾ ਯੋਗਦਾਨ ਪਾਉਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਨੇ ਔਰਤਾਂ ਦੇ 50 ਫ਼ੀਸਦੀ ਰਾਖਵੇਂਕਰਨ ਨੂੰ ਮਹਿਲਾ ਸਸ਼ਕਤੀਕਰਨ ਲਈ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਸਮਾਗਮ ਮੌਕੇ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤਾਂ ਦੀ ਇਸ ਚੋਣ ਨਾਲ ਵਿਕਾਸ ਦਾ ਨਵਾਂ ਯੁੱਗ ਸ਼ੁਰੂ ਹੋਇਆ ਹੈ।

ਸ. ਬਾਜਵਾ ਨੇ ਵੀ ਨਵੇਂ ਚੁਣੇ ਇਨ੍ਹਾਂ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਿਰ ਪਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ। ਉਨ੍ਹਾਂ ਨੇ ਐਲਾਨ ਕੀਤਾ ਕਿ ਪਿੰਡਾਂ ਦੇ ਵਿਕਾਸ ਲਈ ਪਿਛਲੇ 6 ਮਹੀਨਿਆਂ ਤੋਂ ਸਾਂਭੇ ਹੋਏ ਕਰੀਬ 700 ਕਰੋੜ ਰੁਪਏ ਦੇ ਫੰਡ ਮੁੱਖ ਮੰਤਰੀ ਬਹੁਤ ਜਲਦ ਜਾਰੀ ਕਰਨਗੇ। ਪੰਚਾਇਤ ਮੰਤਰੀ ਸ. ਬਾਜਵਾ ਨੇ ਇਸ ਗੱਲ ਉਪਰ ਵੀ ਜ਼ੋਰ ਦਿੱਤਾ ਕਿ ਪੰਚਾਇਤਾਂ, ਦਿਹਾਤੀ ਖੇਤਰਾਂ ਦੇ ਸਮੁਚੇ ਵਿਕਾਸ ਦੀ ਆਪਣੀ ਭੂਮਿਕਾ ਨੂੰ ਅੱਗੇ ਹੋ ਕੇ ਨਿਭਾਉਣ ਤਾਂ ਕਿ ਪਿੰਡਾਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮਿਲ ਸਕਣ ਅਤੇ ਸ਼ਹਿਰਾਂ 'ਚ ਆਵਾਸ ਕਰਨ ਦੀ ਹੋੜ 'ਤੇ ਰੋਕ ਲੱਗ ਸਕੇ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਕਾਰਜਯੋਜਨਾ ਉਲੀਕੀ ਹੈ ਜਿਸ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ ਤੇ ਘੱਟ ਗਿਣਤੀ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀ ਇਤਿਹਾਸਕ ਜਿੱਤ ਮਗਰੋਂ ਸੂਬੇ 'ਚ ਲੋਕ ਸਭਾ ਤੇ ਵਿਧਾਨ ਸਭਾ ਦੀ ਜ਼ਿਮਨੀ ਚੋਣ ਸਮੇਤ ਸਥਾਨਕ ਸਰਕਾਰਾਂ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ 'ਚ ਅਹਿਮ ਜਿੱਤਾਂ ਦਰਜ ਕੀਤੀਆਂ ਹਨ,

ਜੋ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਤੇ ਵਿਕਾਸ ਨੀਤੀਆਂ 'ਤੇ ਮੋਹਰ ਹੈ। ਸ. ਧਰਮਸੋਤ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਾਬੜਤੋੜ ਹਮਲੇ ਕਰਦਿਆਂ ਕਿਹਾ ਕਿ ਉਹ ਪਿਛਲੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ 'ਚ ਨਾਕਾਮ ਰਹੇ ਹਨ ਅਤੇ ਕੇਂਦਰ ਦੀ ਸ੍ਰੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਤੋਂ ਸੂਬੇ ਲਈ ਕੋਈ ਵਿਸ਼ੇਸ਼ ਪੈਕੇਜ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਕੋਈ ਫੰਡ ਲੈਣ 'ਚ ਅਸਫ਼ਲ ਹੋਏ ਹਨ।

ਸ. ਧਰਮਸੋਤ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਕ ਪਾਸੇ ਸ੍ਰੀ ਮੋਦੀ ਯੂ.ਪੀ. 'ਚ ਇਕ ਧਾਰਮਿਕ ਸਮਾਗਮ ਲਈ 10 ਹਜ਼ਾਰ ਕਰੋੜ ਰੁਪਏ ਦੇ ਰਹੇ ਹਨ ਜਦੋਂਕਿ ਪੰਜਾਬ 'ਚ ਇੱਕ ਇਤਿਹਾਸਕ ਦਿਹਾੜੇ ਲਈ ਫੁੱਟੀ ਕੌਡੀ ਵੀ ਨਹੀਂ ਦੇ ਸਕੇ, ਜਿਸ ਲਈ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੀ ਫੇਲ੍ਹ ਸਾਬਤ ਹੋਏ ਹਨ। ਸਮਾਰੋਹ ਮੌਕੇ ਹਲਕਾ ਰਾਜਪੁਰਾ ਤੋਂ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ 'ਚ ਸੁਤੰਤਰ ਢੰਗ ਨਾਲ ਸ਼ਾਂਤਮਈ ਚੋਣਾਂ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਜ਼ਿਲਾ ਪਟਿਆਲਾ ਦੀਆਂ 1036 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ 6299 ਪੰਚਾਇਤ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ 25 ਮੈਂਬਰਾਂ ਤੇ 9 ਬਲਾਕ ਸੰਮਤੀਆਂ ਦੇ 193 ਮੈਂਬਰਾਂ ਸਮੇਤ ਜ਼ਿਲ੍ਹਾ ਫ਼ਤਹਿਗੜ੍ਹ  ਸਾਹਿਬ ਦੀਆਂ ਗ੍ਰਾਮ ਪੰਚਾਇਤਾਂ ਦੇ 426 ਸਰਪੰਚਾਂ ਅਤੇ 2433 ਪੰਚਾਇਤ ਮੈਂਬਰਾਂ ਸਮੇਤ ਜ਼ਿਲਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ 10 ਮੈਂਬਰਾਂ ਅਤੇ 5 ਬਲਾਕ ਸੰਮਤੀਆਂ ਦੇ 77 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਕਲਾਕਾਰਾਂ ਸ੍ਰੀ ਵਿਜੇ ਯਮਲਾ, ਸ੍ਰੀ ਗਗਨਦੀਪ ਬਦਰਾ ਤੇ ਬੀਬਾ ਸਰਘੀ ਨੇ ਸੱਭਿਆਚਾਰਕ ਗੀਤਾਂ ਦੀ ਪੇਸ਼ਕਾਰੀ ਕੀਤੀ। ਇਸ ਸਹੁੰ ਚੁੱਕ ਸਮਾਗਮ 'ਚ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ,

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ, ਸਰਪੰਚ ਹਰਕੰਵਲਜੀਤ ਸਿੰਘ ਬਿੱਟੂ, ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਹਲਕਾ ਫ਼ਤਹਿਗੜ੍ਹ÷  ਸਾਹਿਬ ਤੋਂ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਹਲਕਾ ਬਸੀ ਪਠਾਣਾ ਤੋਂ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ., ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਪਟਿਆਲਾ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਤੀ ਸੰਗਰ,

ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਏ.ਡੀ.ਜੀ.ਪੀ. ਸ੍ਰੀ ਹਰਪ੍ਰੀਤ ਸਿੰਘ ਸਿੱਧੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਤੇ ਡਾਇਰੈਕਟਰ ਜਸਕਿਰਨ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਬੀ.ਐਸ. ਘੁੰਮਣ ਸਮੇਤ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਸਹੁੰ ਚੁੱਕਣ ਆਏ ਨਵੇਂ ਚੁਣੇ ਹੋਏ ਪੰਚ, ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰ ਵੀ ਮੌਜੂਦ ਸਨ।