ਟਕਸਾਲੀ ਅਕਾਲੀ ਆਗੂਆਂ ਨੇ ਮਾਲਵੇ 'ਚ ਦਿਤੀ ਦਸਤਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਸੂਬੇ ਅੰਦਰ ਨਵੀਂ ਪਾਰਟੀ ਬਣਾਉਣ ਵਾਲੇ ਟਕਸਾਲੀ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ........

Taksali Akali leaders in Malwa

ਬਰਨਾਲਾ/ਧਨੌਲਾ : ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਸੂਬੇ ਅੰਦਰ ਨਵੀਂ ਪਾਰਟੀ ਬਣਾਉਣ ਵਾਲੇ ਟਕਸਾਲੀ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾਕਟਰ ਰਤਨ ਸਿੰਘ ਅਜਨਾਲਾ ਸਮੇਤ ਕਈ ਆਗੂਆਂ ਨੇ ਅਪਣੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪਾਰਟੀ ਦਾ ਕੱਦ ਵਧਾਉਣ ਲਈ ਮਾਲਵੇ ਵਿਚ ਫੇਰੀ ਪਾ ਕੇ ਬਰਨਾਲਾ ਤੋਂ ਸੀਨੀਅਰ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖ਼ਾਲਸਾ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਉਨ੍ਹਾਂ ਨੂੰ ਬਰਨਾਲਾ ਜ਼ਿਲ੍ਹਾ ਅਤੇ ਸੰਗਰੂਰ ਦੀ ਵਾਗਡੋਰ ਸੌਂਪ ਦਿਤੀ ਹੈ। 

ਉਨ੍ਹਾਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਉਹ ਪੂਰੀ ਤਰ੍ਹਾਂ ਤਿਆਰ ਹਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਹੋਰਨਾਂ ਹਮਖਿਆਲੀ ਪਾਰਟੀਆਂ ਨਾਲ ਮਹਾਂਗਠਬੰਧਨ ਕਰਨ ਜਾ ਰਹੇ ਹਨ ਤਾਂ ਜੋ ਸ਼੍ਰੋਮਣੀ ਕਮੇਟੀ ਅਤੇ ਪੰਥ ਨੂੰ ਬਾਦਲ ਦਲ ਤੋਂ ਸਮੇਂ ਸਿਰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿਥੇ ਸਿੱਖ ਪੰਥ ਦਾ ਨੁਕਸਾਨ ਕੀਤਾ ਗਿਆ ਹੈ, ਉਥੇ ਹੀ ਉਨ੍ਹਾਂ ਅਪਣੇ ਕਾਰਜਕਾਲ ਦੌਰਾਨ ਸਮੁੱਚੇ ਪੰਜਾਬ ਨੂੰ ਲੁੱਟਣ ਵਿਚ ਕੋਈ ਕਸਰ ਨਹੀਂ ਛੱਡੀ।

ਰੇਤ ਮਾਫ਼ੀਆ ਤੋਂ ਲੈ ਕੇ ਟਰਾਂਸਪੋਰਟ, ਕੇਬਲ ਮਾਫ਼ੀਆ ਅਤੇ ਨਸ਼ਾਖੋਰੀ ਵਰਗੀਆਂ ਭਿਆਨਕ ਅਲਾਮਤਾਂ ਨੂੰ ਜਨਮ ਦੇਣ ਪਿੱਛੇ ਬਾਦਲ ਪਰਵਾਰ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਸਿਵਾਏ ਹੋਰਨਾਂ ਪਾਰਟੀਆਂ ਨਾਲ ਹੱਥ ਮਿਲਾ ਰਹੀ ਹੈ। ਉਨ੍ਹਾਂ ਜਸਟਿਸ ਜੋਰਾ ਸਿੰਘ ਕਮਿਸ਼ਨ ਵਲੋਂ ਤਿਆਰ ਕੀਤੀ ਰੀਪੋਰਟ 'ਤੇ ਸਪੱਸ਼ਟੀਕਰਨ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਤਿਆਰ ਕੀਤੀ ਗਈ ਰੀਪੋਰਟ ਸਹੀ ਹੈ ਅਤੇ ਬਾਦਲ ਪਰਵਾਰ ਨੂੰ ਇਸ ਰੀਪੋਰਟ ਦੇ ਆਧਾਰ 'ਤੇ ਜਲਦ ਹੀ ਕਾਨੂੰਨ ਦੀਆਂ ਸਲਾਖਾਂ ਪਿੱਛੇ ਭੇਜਣਾ ਚਾਹੀਦਾ ਹੈ।