Ludhiana News: ਅਵਾਰਾ ਕੁੱਤਿਆਂ ਦੀ ਦਹਿਸ਼ਤ, ਕੁੱਤਿਆਂ ਦੇ ਵੱਢਣ ਨਾਲ ਮਾਸੂਮ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Ludhiana News: 5ਵੀਂ ਜਮਾਤ ਦਾ ਵਿਦਿਆਰਥੀ ਸੀ ਮ੍ਰਿਤਕ

Innocent killed by stray dogs Ludhiana News

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਵਿੱਚ ਆਵਾਰਾ ਕੁੱਤਿਆਂ ਨੇ ਇੱਕ ਹੋਰ ਮਾਸੂਮ ਬੱਚੇ ਦੀ ਜਾਨ ਲੈ ਲਈ। ਖੇਤਾਂ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦੇ 11 ਸਾਲਾ ਬੱਚੇ ਹਰਸੁਖਪ੍ਰੀਤ ਸਿੰਘ ਨੂੰ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। 5ਵੀਂ ਜਮਾਤ ਦੇ ਵਿਦਿਆਰਥੀ ਹਰਸੁਖਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਲੁਧਿਆਣਾ ਦੇ ਪਿੰਡ ਹਸਨਪੁਰ 'ਚ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਹਿਲਾਂ ਆਵਾਰਾ ਕੁੱਤਿਆਂ ਦਾ ਸ਼ਿਕਾਰ ਬਜ਼ੁਰਗ ਹੁੰਦੇ ਸਨ ਪਰ ਹੁਣ ਉਹ ਮਾਸੂਮ ਬੱਚਿਆਂ 'ਤੇ ਜਾਨਲੇਵਾ ਹਮਲੇ ਕਰ ਰਹੇ ਹਨ। ਆਵਾਰਾ ਕੁੱਤਿਆਂ ਦੇ ਵੱਢਣ ਨਾਲ ਪਿੰਡ ਵਿਚ ਇਕ ਹੋਰ ਮਾਸੂਮ ਦੀ ਮੌਤ ਹੋ ਗਈ ਹੈ।

ਪਿੰਡ ਵਿਚ ਇਕ ਹਫ਼ਤੇ ਵਿਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਇੱਕ ਪ੍ਰਵਾਸੀ ਪਰਿਵਾਰ ਦੇ ਬੱਚੇ ਦੀ ਵੀ ਕੁੱਤਿਆਂ ਦੇ ਹਮਲੇ ਵਿੱਚ ਮੌਤ ਹੋ ਗਈ ਸੀ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਗੁੱਸੇ ਵਿੱਚ ਆ ਕੇ ਪਿੰਡ ਵਾਸੀਆਂ ਨੇ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਧਰਨਾ ਦਿੱਤਾ।

ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਆਵਾਰਾ ਕੁੱਤਿਆਂ ਦੀ ਸਮੱਸਿਆ ਪ੍ਰਤੀ ਗੰਭੀਰ ਨਹੀਂ ਹੈ। ਦੋ ਮਾਸੂਮਾਂ ਦੀ ਮੌਤ ਤੋਂ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਪਿੰਡ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਇੰਨਾ ਵੱਧ ਗਿਆ ਹੈ ਕਿ ਪਿੰਡ ਦੇ ਬੱਚੇ ਅਤੇ ਔਰਤਾਂ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗ ਪਈਆਂ ਹਨ।