ਅੰਮ੍ਰਿਤਸਰ ਮੇਅਰ ਮਾਮਲੇ ’ਚ ਹਾਈ ਕੋਰਟ ਵਿਚ ਨਵੇਂ ਸਿਰੇ ਤੋਂ ਹੋਵੇਗੀ ਸੁਣਵਾਈ

ਏਜੰਸੀ

ਖ਼ਬਰਾਂ, ਪੰਜਾਬ

ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਅਪਣਾ ਪੱਖ ਰੱਖਣ ਲਈ ਨੋਟਿਸ ਕੀਤਾ ਜਾਰੀ

Amritsar Mayor case to be heard afresh in High Court

 

ਅੰਮ੍ਰਿਤਸਰ : ਪੰਜਾਬ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ’ਤੇ ਅੱਜ ਮੁੜ ਸੁਣਵਾਈ ਹੋਵੇਗੀ। ਸੋਮਵਾਰ ਨੂੰ ਹਾਈ ਕੋਰਟ ’ਚ ਅੰਮ੍ਰਿਤਸਰ ਦੇ ਕਾਂਗਰਸੀ ਕੌਂਸਲਰ ਵਿਕਾਸ ਸੋਨੀ ਨੇ ਇਕ ਪਟੀਸ਼ਨ ਦਾਖ਼ਲ ਕੀਤੀ ਜਿਸ ਵਿਚ ਮੇਅਰ ਚੋਣ  ਨੂੰ ਚੁਨੌਤੀ ਦਿਤੀ ਗਈ। ਹਾਈ ਕੋਰਟ ਨੇ ਪਟੀਸ਼ਨ ਮੰਜ਼ੂਰ ਕਰ ਲਈ ਹੈ। ਅੰਮ੍ਰਿਤਸਰ ’ਚ ਮੇਅਰ ਦੇ ਮਾਮਲੇ ਨੂੰ ਲੈ ਕੇ ਹਾਈ ਕੋਰਟ ’ਚ ਨਵੇਂ ਸਿਰੇ ਤੋਂ ਸੁਣਵਾਈ ਕੀਤੀ ਜਾਵੇਗੀ। ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪਟੀਸ਼ਨਰਾਂ ਨੂੰ ਨੋਟਿਸ ਜਾਰੀ ਕੇ ਅਪਣਾ ਪੱਖ ਰੱਖਣ ਲਈ ਕਿਹਾ ਹੈ। 

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ 27 ਜਨਵਰੀ ਨੂੰ ਚੋਣਾਂ ਹੋਈਆਂ ਸਨ, ਜਿਸ ਵਿਚ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਮੇਅਰ ਚੁਣਿਆ ਗਿਆ ਸੀ। ਇਸੇ ਤਰ੍ਹਾਂ ‘ਆਪ’ ਕੌਂਸਲਰ ਪ੍ਰਿਅੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਆਜ਼ਾਦ ਕੌਂਸਲਰ ਅਨੀਤਾ ਰਾਣੀ, ਜੋ ਬਾਅਦ ਵਿਚ ਪਾਰਟੀ ਵਿਚ ਸ਼ਾਮਲ ਹੋਈ, ਨੂੰ ਕੌਂਸਲਰਾਂ ਦੇ ਬਹੁਮਤ ਨਾਲ ਡਿਪਟੀ ਮੇਅਰ ਐਲਾਨ ਦਿਤਾ ਗਿਆ। ਕਾਂਗਰਸੀ ਕੌਂਸਲਰ ਵਿਕਾਸ ਸੋਨੀ ਨੇ 27 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਦੀ ਚੋਣ ਨੂੰ ਚੁਨੌਤੀ ਦਿਤੀ ਸੀ। ਜਿਸ ਨੂੰ ਹਾਈ ਕੋਰਟ ਵਲੋਂ ਰੱਦ ਕਰ ਦਿਤਾ ਗਿਆ ਸੀ। 
ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਧੱਕੇਸ਼ਾਹੀ ਨਾਲ ਅਪਣੀ ਪਾਰਟੀ ਦੇ ਕੌਂਸਲਰਾਂ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਐਲਾਨ ਦਿਤਾ ਹੈ। ਕਾਂਗਰਸੀ ਵਰਕਰਾਂ ਵਲੋਂ ‘ਆਪ’ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ਹਾਈ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਅੰਮ੍ਰਿਤਸਰ ਨਗਰ ਨਿਗਮ ਵਿਚ ਕਾਂਗਰਸ ਪਾਰਟੀ ਦਾ ਬਹੁਮਤ ਹੈ। ਮੇਅਰ ਦੇ ਅਹੁਦੇ ਲਈ ਚੋਣਾਂ ਦੁਬਾਰਾ ਕਰਵਾਈਆਂ ਜਾਣ। ਇਸ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ ਦੇ ਦੋਹਰੇ ਬੈਂਚ ਦੇ ਜਸਟਿਸ ਸੁਧੀਰ ਸਿੰਘ ਅਤੇ ਜਸਟਿਸ ਸੁਖਵਿੰਦਰ ਕੌਰ ਨੇ 29 ਜਨਵਰੀ ਨੂੰ ਕੀਤੀ ਸੀ।