ਕਿਸਾਨ ਖ਼ੁਦਕੁਸ਼ੀਆਂ ਦੇ ਕਾਰਨ ਲੱਭਣ ਲਈ 'ਆਪ' ਨੇ ਕੀਤਾ ਕਮੇਟੀ ਦਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਸੂਬੇ 'ਚ ਕਿਸਾਨ ਅਤੇ ਖੇਤ ਮਜ਼ਦੂਰ ਅਨੇਕਾਂ ਮੁਸ਼ਕਲਾਂ ਨਾਲ ਘਿਰੇ ਹੋਏ ਹਨ ਅਤੇ ਫ਼ਸਲਾਂ ਦੇ ਸਹੀ ਮੁੱਲ ਨਾ ਮਿਲਣ ਕਾਰਨ ਉਹ ਕਰਜ਼ੇ ਦੀ ਮਾਰ ਹੇਠ ਆ ਰਹੇ ਹਨ...

Farmer Suicides

ਚੰਡੀਗੜ੍ਹ : ਸੂਬੇ 'ਚ ਕਿਸਾਨ ਅਤੇ ਖੇਤ ਮਜ਼ਦੂਰ ਅਨੇਕਾਂ ਮੁਸ਼ਕਲਾਂ ਨਾਲ ਘਿਰੇ ਹੋਏ ਹਨ ਅਤੇ ਫ਼ਸਲਾਂ ਦੇ ਸਹੀ ਮੁੱਲ ਨਾ ਮਿਲਣ ਕਾਰਨ ਉਹ ਕਰਜ਼ੇ ਦੀ ਮਾਰ ਹੇਠ ਆ ਰਹੇ ਹਨ। ਸੂਬੇ ਦਾ ਕਿਸਾਨ ਕਰਜ਼ਾਈ ਹੋਣ ਅਤੇ ਸਰਕਾਰਾਂ ਦੀ ਬੇਰੁਖ਼ੀ ਕਾਰਨ ਖ਼ੁਦਕੁਸ਼ੀਆਂ ਦੇ ਰਾਹ ਪੈ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। 

ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਲੁਧਿਆਣਾ ਵਿਖੇ ਅੱਜ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ ਖ਼ੁਦਕੁਸ਼ੀਆਂ ਦੇ ਕਾਰਨ ਲੱਭ ਕੇ ਇਸ ਸਬੰਧੀ ਕੋਈ ਹੱਲ ਲੱਭਣ ਲਈ ਆਮ ਆਦਮੀ ਪਾਰਟੀ ਵੱਲੋਂ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਉਨ੍ਹਾਂ ਤੋਂ ਬਿਨਾਂ ਗੁਰਭੇਜ ਬਰਾੜ, ਮਨਜਿੰਦਰ ਔਲਖ ਅਤੇ ਚਰਨਜੀਤ ਗਰੇਵਾਲ ਮੈਂਬਰ ਹੋਣਗੇ। ਇਨ੍ਹਾਂ ਆਗੂਆਂ ਤੋਂ ਬਿਨਾਂ ਇੱਕ ਖੇਤੀ ਮਾਹਿਰ ਨੂੰ ਵੀ ਇਸ ਕਮੇਟੀ 'ਚ ਸ਼ਾਮਿਲ ਕੀਤਾ ਜਾਵੇਗਾ ਅਤੇ ਕਮੇਟੀ 20 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ। ਇਹ ਕਮੇਟੀ ਪੰਜਾਬ ਦੇ ਵੱਖ-ਵੱਖ ਸਥਾਨਾਂ 'ਤੇ ਜਾ ਕੇ ਕਿਸਾਨ ਖ਼ੁਦਕੁਸ਼ੀਆਂ ਦੇ ਕੇਸਾਂ ਦੀ ਪੜਤਾਲ ਕਰੇਗੀ ਅਤੇ ਉਸ ਦੇ ਪਿੱਛੇ ਦੇ ਕਾਰਨ ਲੱਭ ਕੇ ਕੋਈ ਸਥਾਈ ਹੱਲ ਲੱਭਣ ਲਈ ਵਿਚਾਰ ਵਟਾਂਦਰਾ ਕਰੇਗੀ।

ਸੰਧਵਾਂ ਨੇ ਕਿਹਾ ਕਿ ਆਵਾਰਾ ਪਸੂਆਂ ਦਾ ਮੁੱਦਾ ਇਸ ਸਮੇਂ ਪੰਜਾਬ ਦੇ ਕਿਸਾਨਾਂ ਲਈ ਇੱਕ ਵੱਡੀ ਮੁਸ਼ਕਲ ਬਣ ਕੇ ਪੇਸ਼ ਆ ਰਿਹਾ ਹੈ ਪਰ ਕਿਸੇ ਵੀ ਸਰਕਾਰ ਨੇ ਇਸ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂ ਹਰ ਸਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਕਰ ਦਿੰਦੇ ਹਨ। ਜਿਸ ਕਾਰਨ ਕਿਸਾਨਾਂ ਨੂੰ ਆਰਥਕ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਪ੍ਰੈਲ ਦੇ ਮਹੀਨੇ ਵਿੱਚ ਆਵਾਰਾ ਪਸੂਆਂ ਦੀ ਸਮੱਸਿਆ ਨੂੰ ਲੈ ਕੇ ਇੱਕ ਵੱਡਾ ਪ੍ਰੋਗਰਾਮ ਕਰੇਗੀ ਅਤੇ ਸਰਕਾਰ ਨੂੰ ਇਸ ਦੇ ਹੱਲ ਲੱਭਣ ਲਈ ਮਜਬੂਰ ਕਰੇਗੀ।