ਬਰਨਾਲਾ ਦੇ ਪਿੰਡ ਧੌਲਾ ਵਿਖੇ ਨਬਾਲਗ ਲੜਕੀ ਨੂੰ ਅਗਵਾ ਕਰਕੇ ਕੀਤਾ ਗੈਂਗਰੇਪ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਾਬਾਲਗ 13 ਸਾਲ ਦੀ ਲੜਕੀ ਅੱਠਵੀਂ ਕਲਾਸ ਦੀ ਦੱਸੀ ਜਾ ਰਹੀ ਹੈ ਵਿਦਿਆਰਥਣ...

Rape Case

ਬਰਨਾਲਾ: ਗੈਂਗਰੇਪ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਵਿਖੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਚਾਰ ਤੋ ਪੰਜ ਨੌਜਵਾਨਾਂ ਵਲੋ ਅੱਠਵੀਂ ਕਲਾਸ ਦੀ 13 ਸਾਲਾ ਨਾਬਾਲਗ ਲੜਕੀ ਨਾਲ  ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨਾਬਾਲਗ ਲੜਕੀ ਦੀ ਦਾਦੀ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਪਿੰਡ ਦੇ ਹੀ ਹਨ ਅਤੇ ਗੁਆਂਢ ਵਿੱਚ ਹੀ ਰਹਿੰਦੇ ਹਨ।

 ਨੌਜਵਾਨਾਂ ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਇਸ ਲੰਘੀ ਰਾਤ ਉਸ ਦੀ ਪੋਤੀ ਉਹਦੇ ਕਮਰੇ ਵਿਚ ਪੜ੍ਹਾਈ ਕਰ ਰਹੀ ਸੀ ਜਦ ਰਾਤ ਸਮੇਂ ਉਹ ਕਮਰੇ ਤੋਂ ਬਾਹਰ ਜਾ ਕੇ  ਬਾਥਰੂਮ ਗਈ ਤਾਂ ਗੁਆਂਢ ਵਿੱਚ ਰਹਿੰਦੇ ਨੌਜਵਾਨਾਂ ਨੇ ਉਨ੍ਹਾਂ ਦੀ ਕੁੜੀ ਨੂੰ ਅਗਵਾ ਕਰਕੇ ਕਿਤੇ ਬਾਹਰ ਸੁੰਨਸਾਨ ਥਾਂ ਉਤੇ ਲੈ ਗਏ। ਇਸ ਘਟਨਾ ਤੇ ਦਾਦੀ ਉਸ ਨੂੰ ਪਤਾ ਚੱਲਿਆ ਜਦ ਉਹਦੀ ਪੋਤੀ ਬਾਥਰੂਮ ਕਰਨ ਤੋਂ ਬਾਅਦ ਵਾਪਸ ਕਮਰੇ ਵਿਚ ਨਾ ਆਈ ਤਾਂ ਉਸਨੇ ਜਾ ਕੇ ਰੌਲਾ ਪਾਇਆ ਤਾਂ ਵੇਖਿਆ ਕਿ ਉਸਦੀ  ਪੋਤੀ ਘਰੋਂ ਗਾਇਬ  ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਰਾਤ ਤੋਂ ਲੈ ਕੇ ਸਵੇਰ ਤੱਕ ਉਹ ਆਪਣੀ ਲੜਕੀ ਦੀ ਭਾਲ ਕਰਦੇ ਰਹੇ ਤਾਂ ਸਵੇਰੇ 7.30 ਵਜੇ ਪਿੰਡ ਦੀ ਫਿਰਨੀ ਤੇ ਉਨ੍ਹਾਂ ਦੀ ਲੜਕੀ ਬਰਾਮਦ ਹੋਈ। ਜਿਸ ਨੇ ਪਰਿਵਾਰਕ ਮੈਂਬਰਾਂ ਨੂੰ ਦੁੱਖੜਾ ਬਿਆਨ ਕਰ ਦਿੱਤਾ। ਇਸ ਮਾਮਲੇ ਸਬੰਧੀ ਉਨ੍ਹਾਂ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਵੀ ਦਰਖਾਸਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪੀੜਤ ਲੜਕੀ ਦੀ ਦਾਦੀ ਨੇ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਪੀੜਤ ਲੜਕੀ ਦਲਿਤ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦਾ ਪਰਿਵਾਰ ਦਿਹਾੜੀ ਮਜ਼ਦੂਰੀ ਕਰਕੇ ਆਪਣੀਆਂ ਲੜਕੀਆਂ ਦੀ ਪਰਵਰਿਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੋਸ਼ੀ ਪਰਿਵਾਰ ਵੱਲੋਂ ਉਨ੍ਹਾਂ ਨੂੰ ਧਮਕੀਆਂ ਵੀ ਮਿਲੀਆਂ ਹਨ। ਇਸ ਮਾਮਲੇ ਸਬੰਧੀ ਡੀ.ਐੱਸ.ਪੀ ਤਪਾ ਬਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ  ਪੁਲਸ ਥਾਣਾ ਰੂੜੇਕੇ ਕਲਾਂ ਵਿਚ ਮਾਮਲਾ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੜਕੀ ਦਾ ਮੈਡੀਕਲ ਕਰਵਾ ਕੇ ਜਾਂਚ ਕੀਤੀ ਜਾ ਰਹੀ ਹੈ।

ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਅੰਦਰ ਵਧ ਰਹੀਆਂ ਗੈਂਗਰੇਪ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਲੜਕੀਆਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੂੰ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਲੋਕਾਂ ਦੀ ਮੰਗ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਬਾਰੇ ਸਖ਼ਤ ਕਾਨੂੰਨ ਬਣਾਏ ਜਾਣ ਤਾਂ ਜੋ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।