ਸਰਕਾਰ ਤੋਂ ਨਰਾਜ਼ ਹੋ ਕੇ ਹੜਤਾਲ 'ਤੇ ਗਏ ਪੰਜਾਬ ਰੋਡਵੇਜ਼ ਦੇ ਮੁਲਾਜ਼ਮ, 3 ਦਿਨ ਬੰਦ ਰਹਿਣਗੀਆਂ ਬੱਸਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਤੋਂ ਇਲਾਵਾ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

Punjab Roadways Employees

ਚੰਡੀਗੜ੍ਹ : ਚੁਣਾਵੀ ਸਾਲ ਨੂੰ ਵੇਖਦਿਆਂ ਮੰਗਾਂ ਮੰਨੇ ਜਾਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੇ ਹੁਣ ਆਰ-ਪਾਰ ਦੀ ਵਿਉਤਬੰਦੀ ਆਰੰਭ ਦਿੱਤੀ ਹੈ। ਸਰਕਾਰ ਤੋਂ ਨਰਾਜ਼ ਮੁਲਾਜ਼ਮਾਂ ਵੱਲੋਂ ਆਪਣੀ ਆਵਾਜ਼ ਸਰਕਾਰ ਤਕ ਪਹੁੰਚਾਉਣ ਖਾਤਰ ਧਰਨੇ-ਪ੍ਰਦਰਸ਼ਨਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਵੀ ਆਪਣੀਆਂ ਚਿਰੌਕਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ 'ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤੀ ਹੈ।

ਪਨਬਸ ਕਰਮਚਾਰੀਆਂ ਨੇ ਪੰਜਾਬ ਭਰ ਵਿਚ ਤਿੰਨ ਦਿਨ ਲਈ ਹੜਤਾਲ 'ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਕਾਬਲੇਗੌਰ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਗਟਾਉਂਦੇ ਆ ਰਹੇ ਹਨ। ਮੁਲਾਜ਼ਮਾਂ ਵੱਲੋਂ ਸਮੇਂ ਸਮੇਂ 'ਤੇ ਸਰਕਾਰ ਤਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ।

ਹੁਣ ਚੋਣਾਂ ਨੇੜੇ ਆਉਣ 'ਤੇ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ ਹੈ। ਇਸੇ ਤਹਿਤ ਮੁਲਾਜ਼ਮਾਂ ਨੇ ਪੰਜਾਬ ਭਰ ਦੇ 18 ਡਿਪੂਆਂ ਵਿਚ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਹੜਤਾਲ ਕਾਰਨ ਜਿੱਥੇ ਆਮ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਉਥੇ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦੌਰਾਨ 18 ਕਰੋੜ ਦੇ ਕਰੀਬ ਮਾਇਕੀ ਨੁਕਸਾਨ ਹੋਣ ਦਾ ਅਨੁਮਾਨ ਹੈ।

ਪਨਬਸ ਕਰਮਚਾਰੀਆਂ ਮੁਤਾਬਕ ਉਹ ਪਿਛਲੇ ਮਹੀਨਿਆਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦੀ ਮੰਗ ਕਰ ਰਹੇ ਹਨ। ਮੁਲਾਜ਼ਮਾਂ ਮੁਤਾਬਕ ਕੱਲ੍ਹ ਨੂੰ ਪਟਿਆਲਾ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਅਗਲੇ ਦਿਨ, ਯਾਨੀ ਪਰਸੋਂ ਤੋਂ ਹੜਤਾਲ ਜਾਰੀ ਰਹੇਗੀ। ਮੁਲਾਜ਼ਮਾਂ ਨੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਆਉਂਦੇ ਦਿਨਾਂ ਦੌਰਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।