ਪਾਰਟੀ ਦੀ ਹਾਰ ਤੋਂ ਬਾਅਦ ਸੁਖਦੇਵ ਢੀਂਡਸਾ ਨੇ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
ਸੁਖਬੀਰ ਬਾਦਲ ਦੀ ਪ੍ਰਧਾਨਗੀ 'ਤੇ ਵੀ ਚੁੱਕੇ ਢੀਂਡਸਾ ਨੇ ਸਵਾਲ
ਚੰਡੀਗੜ੍ਹ : ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਉਤਰੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਚੋਣਾਂ ’ਚ ਹੋਈ ਕਰਾਰੀ ਹਾਰ ਤੋਂ ਬਾਅਦ ਵੱਡਾ ਐਲਾਨ ਕੀਤਾ ਹੈ। ਸੁਖਦੇਵ ਢੀਂਡਸਾ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਗੇ।
ਸੁਖਦੇਵ ਢੀਂਡਸਾ ਨੇ ਕਿਹਾ ਕਿ ਭਲਕੇ ਉਹ ਪਾਰਟੀ ਦੀ ਹੋਣ ਵਾਲੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਭਾਜਪਾ ਨਾਲ ਗਠਜੋੜ ਜਾਰੀ ਰਹੇਗਾ, ਉਹ ਸਿਰਫ ਪਾਰਟੀ ਦੀ ਪ੍ਰਧਾਨਗੀ ਤੋਂ ਹੀ ਅਸਤੀਫ਼ਾ ਦੇ ਰਹੇ ਹਨ।
ਇਕ ਇੰਟਰਵਿਊ ਵਿਚ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਵੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਪੰਜਾਬ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇੱਕਪਾਸੜ ਜਿੱਤ ਪ੍ਰਾਪਤ ਕਰਦੇ ਹੋਏ 92 ਸੀਟਾਂ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਜਦਕਿ ਅਕਾਲੀ ਦਲ ਸੰਯੁਕਤ ਦੇ ਗਠਜੋੜ ਭਾਈਵਾਲ ਭਾਜਪਾ ਨੂੰ ਸਿਰਫ਼ 2 ਸੀਟਾਂ 'ਤੇ ਹੀ ਜਿੱਤ ਨਸੀਬ ਹੋਈ ਹੈ।