ਚਿੰਤਾ ਭਰੇ ਸੰਕੇਤ, ਪਰ ਅਸੀਂ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਅਗੱਸਤ ਤਕ ਚਲ ਸਕਦੀ ਹੈ ਮਹਾਮਾਰੀ ਦੀ ਸਥਿਤੀ

File Photo

ਕੇਂਦਰ ਵਲੋਂ ਦੇਸ਼ ਵਿਚ ਸਥਿਤੀ ਨਾਲ ਨਿਪਟਣ ਲਈ ਜਾਰੀ ਕੀਤੇ 15000 ਕਰੋੜ ਬਹੁਤ ਘੱਟ
ਪੰਜਾਬ 'ਚ ਟੈਸਟਾਂ ਦੀ ਰਫ਼ਤਾਰ ਹੌਲੀ ਹੋਣ ਦੀ ਗੱਲ ਮੁੱਖ ਮੰਤਰੀ ਨੇ ਮੰਨੀ, 2 ਕਰੋੜ ਦੀ ਆਬਾਦੀ ਵਿਚੋਂ ਹਾਲੇ ਹੋਏ 3877 ਟੈਸਟ

ਚੰਡੀਗੜ੍ਹ  (ਗੁਰਉਪਦੇਸ਼ ਭੁੱਲਰ): ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੰਕੇਤ ਭਾਵੇਂ ਚਿੰਤਾ ਭਰੇ ਹਨ ਪਰ ਅਸੀਂ ਹਰ ਸਥਿਤੀ ਨਾਲ ਪੂਰੀ ਤਾਕਤ ਨਾਲ ਨਜਿੱਠਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਵਿਚ ਪੰਜਾਬ ਵਿੱਚ ਜ਼ਿਆਦਾਤਰ ਸੂਬਿਆਂ ਦੇ ਮੁਕਾਬਲੇ ਮਾਮਲੇ ਘੱਟ ਹਨ ਪਰ ਜੇ ਮਹਾਂਮਾਰੀ ਹੋਰ ਫੈਲਦੀ ਹੈ ਤਾਂ ਸੂਬਾ ਇਕੱਲਾ ਨਹੀਂ ਰਹਿ ਸਕਦਾ।  ਅੱਜ ਵੀਡੀਉ ਕਾਨਫ਼ਰੰਸ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਵਿਚ ਇਸ ਬਿਮਾਰੀ ਸੰਬੰਧੀ ਸਾਹਮਣੇ ਆ ਰਹੇ ਤੱਥਾਂ ਅਤੇ ਕੋਵਿਡ-19 ਸੰਬੰਧੀ ਵਿਸ਼ਵ ਪੱਧਰ 'ਤੇ ਉਭਰ ਰਹੇ ਸਮੀਕਰਨਾਂ ਬਾਰੇ ਮੁੱਖ ਮੰਤਰੀ ਨੇ ਕਿਹਾ, ਫ਼ਿਲਹਾਲ ਇਹ ਜੰਗ ਦੀ ਸ਼ੁਰੂਆਤ ਹੈ ਅਤੇ ਭਾਰਤ ਵਿਚ ਆਉਂਦੇ ਮਹੀਨਿਆਂ ਵਿਚ ਹਾਲਾਤ ਗੰਭੀਰ ਚੁਨੌਤੀਆਂ ਭਰੇ ਹੋ ਸਕਦੇ ਹਨ।

ਅਜਿਹੇ ਹਾਲਾਤ ਵਿਚ ਕਿਸੇ ਵੀ ਸੂਬੇ ਲਈ ਲਾਕਡਾਊਨ ਨੂੰ ਖ਼ਤਮ ਕਰਨਾ ਸੌਖਾ ਨਹੀਂ ਹੋਵੇਗਾ। ਵੀਰਵਾਰ ਨੂੰ ਰੀਪੋਰਟ ਹੋਏ 27 ਪਾਜ਼ੇਟਿਵ ਕੇਸਾਂ (ਜੋ ਹੁਣ ਤਕ ਸੂਬੇ ਲਈ ਇਕ ਦਿਨ ਵਿਚ ਆਏ ਸੱਭ ਤੋਂ ਵੱਧ ਕੇਸ ਹਨ) ਵਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੇਸ ਸੈਕੰਡਰੀ ਟਰਾਂਸਮਿਸ਼ਨ ਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਕੇਤ ਹੈ ਕਿ ਸੂਬਾ ਕਮਿਊਨਿਟੀ ਟਰਾਂਸਮਿਸ਼ਨ ਵਲ ਜਾ ਸਕਦਾ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਆਉਂਦੇ ਹਫ਼ਤਿਆਂ ਵਿਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਦਿੱਲੀ ਤੋਂ ਮੀਡੀਆ ਨਾਲ ਵੀਡੀਉ ਕਾਨਫ਼ਰੰਸ ਰਾਹੀਂ ਕਰਵਾਈ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਡਾਕਟਰੀ ਮਾਹਰਾਂ ਅਤੇ ਵਿਗਿਆਨੀਆਂ ਦੇ ਸੁਝਾਵਾਂ ਅਨੁਸਾਰ ਇਹ ਮਹਾਂਮਾਰੀ ਭਾਰਤ ਅੰਦਰ ਜੁਲਾਈ-ਅਗੱਸਤ ਦੇ ਮਹੀਨੇ ਸਿਖਰ 'ਤੇ ਪਹੁੰਚੇਗੀ ਜਿਸ ਨਾਲ ਭਾਰਤ ਦੇ 58 ਫ਼ੀ ਸਦ ਅਤੇ ਪੰਜਾਬ ਦੇ 87 ਫੀ ਸਦੀ  ਲੋਕਾਂ ਦੇ ਪ੍ਰਭਾਵਤ ਹੋਣ ਦੀਆਂ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਕੋਈ ਵੀ ਸੂਬਾ ਸਰਕਾਰ ਸੌਖਿਆਂ ਹੀ ਇਨ੍ਹਾਂ ਪਾਬੰਦੀਆਂ ਨੂੰ ਖ਼ਤਮ ਨਹੀਂ ਕਰ ਸਕਦੀ।

ਉਨ੍ਹਾਂ ਨਾਲ ਹੀ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਇਸ ਬਿਮਾਰੀ ਦੇ ਫੈਲਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਸੁਚੇਤ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਹਨਾਂ ਤੱਥਾਂ ਦੇ ਆਧਾਰ 'ਤੇ ਇਸ ਬਿਮਾਰੀ ਨਾਲ ਸਿੱਝਣ ਲਈ ਤਿਆਰੀ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਬੀਤੇ ਦਿਨ ਮੁਲਕ ਅੰਦਰ ਕੋਰੋਨਾ ਵਾਇਰਸ ਨਾਲ ਲੜਨ ਲਈ ਜਾਰੀ ਕੀਤੇ ਗਏ 15000 ਕਰੋੜ ਨੂੰ ਬਹੁਤ ਘੱਟ ਕਰਾਰ ਦਿੱਤਾ ਅਤੇ ਇਸ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਕਿ ਇਹ ਕਿਸੇ ਤਰੀਕੇ ਵੀ ਭਾਰਤ ਦੇ 1.4 ਬਿਲੀਅਨ ਲੋਕਾਂ ਲਈ ਇਹ ਰਕਮ ਕਾਫੀ ਨਹੀਂ ਹੈ।

ਮੁੱਖ ਮੰਤਰੀ ਨੇ ਇਸ ਸੰਕਟ ਨਾਲ ਨਜਿੱਠਣ ਲਈ ਪੰਜਾਬ ਖਾਤਰ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਨੂੰ ਦਹੁਰਾਉਂਦਿਆਂ ਆਖਿਆ, ਕੇਂਦਰ ਵੱਲੋਂ ਪੰਜਾਬ ਦੇ ਜੀਐਸਟੀ ਦੇ ਲੰਬਿਤ ਪਏ ਬਕਾਏ ਦੇ ਇੱਕ ਹਿੱਸੇ ਨੂੰ ਜਾਰੀ ਕੀਤਾ ਗਿਆ ਹੈ ਜੋ ਕਿ ਸੂਬੇ ਦੀਆਂ ਤਨਖਾਹਾਂ ਆਦਿ ਦੀਆਂ ਜ਼ਰੂਰਤਾਂ ਨੂੰ ਵੀ ਮੁਸ਼ਕਿਲ ਨਾਲ ਹੀ ਪੂਰਾ ਕਰੇਗਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੇਂਦਰ ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਵਿੱਤੀ ਸਹਾਇਤਾ ਲਈ ਅੱਗੇ ਆਵੇ।

ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਿਪਟਣ ਲਈ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਰ ਪੜਾਵਾਂ ਵਿੱਚ ਵਿਵਸਥਾ ਕਰਨ ਦੀ ਯੋਜਨਾ ਬਣਾਈ ਹੈ ਜਿਸ ਤਹਿਤ ਪਹਿਲੇ ਪੜਾਅ ਵਿੱਚ 2000 ਮਰੀਜ਼, ਉਸ ਤੋਂ ਬਾਅਦ 10000 ਮਰੀਜ਼ਾਂ, 30000 ਮਰੀਜ਼ਾਂ ਅਤੇ ਇਕ ਲੱਖ ਮਰੀਜ਼ਾਂ ਨੂੰ ਏਕਾਂਤਵਾਸ ਅਤੇ ਇਲਾਜ ਦੀ ਲੋੜ ਹੈ। ਮੈਡੀਕਲ ਸਟਾਫ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸੇਵਾ-ਮੁਕਤ ਡਾਕਟਰ ਨਾਲ ਜੁੜੇ ਹਨ ਜਿਨ੍ਹਾਂ ਨੂੰ ਮਦਦ ਲਈ ਤਿਆਰ ਰੱਖਿਆ ਗਿਆ ਹੈ।

ਟੈਸਟਿੰਗ ਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਮੰਨਿਆ ਕਿ ਸੂਬੇ ਦੀ 2.8 ਕਰੋੜ ਦੀ ਆਬਾਦੀ ਦੇ ਮੁਕਾਬਲੇ ਹੁਣ ਤੱਕ ਕੀਤੇ 2877 ਟੈਸਟ ਕਾਫੀ ਨਹੀਂ ਹਨ। ਉਨ੍ਹਾਂ ਕਿਹਾ ਕਿ ਟੈਸਟਿੰਗ ਵਿੱਚ ਮੁਸ਼ਕਲ ਆਈ ਕਿਉਂਕਿ ਪੀ.ਜੀ.ਆਈ. ਚੰਡੀਗੜ੍ਹ ਸਮੇਤ ਪੰਜਾਬ ਵਿੱਚ ਸਿਰਫ ਦੋ ਹਸਪਤਾਲਾਂ ਵਿੱਚ ਟੈਸਟ ਦੀ ਇਜਾਜ਼ਤ ਦਿੱਤੀ ਗਈ ਪਰ ਇਕ ਦੋ ਪ੍ਰਾਈਵੇਟਾਂ ਲੈਬ ਸਮੇਤ ਇਕ ਹੋਰ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 25000 ਰੈਪਿਡ ਟੈਸਟਿੰਗ ਕਿੱਟਾਂ ਦੇ ਵੀ ਪਹੁੰਚਣ ਦੀ ਉਮੀਦ ਹੈ ਜਿਸ ਨਾਲ ਸੋਮਵਾਰ ਤੋਂ ਵੱਧ ਪ੍ਰਭਾਵਿਤ ਥਾਵਾਂ (ਹੌਟਸਪੌਟ) ਵਿੱਚ ਜਨਤਕ ਟੈਸਟਿੰਗ ਸ਼ੁਰੂ ਕਰ ਦਿੱਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਡੇਢ ਲੱਖ ਦੇ ਕਰੀਬ ਪਰਵਾਸੀ ਭਾਰਤੀਆਂ ਤੇ ਵਿਦੇਸ਼ਾਂ ਵਿੱਚੋਂ ਸਰਕਾਰ ਨੇ ਬਹੁਤਿਆਂ ਦੀ ਸ਼ਨਾਖਤ ਕਰਕੇ ਏਕਾਂਤਵਾਸ 'ਤੇ ਭੇਜ ਦਿੱਤਾ ਹੈ। ਵਿਦੇਸ਼ਾਂ ਤੋਂ ਪਰਤਣ ਵਾਲੇ 33,166 ਵਿਅਕਤੀਆਂ ਦਾ ਏਕਾਂਤਵਾਸ ਸਮਾਂ ਪੂਰਾ ਵੀ ਹੋ ਗਿਆ ਹੈ।