ਸਿਹਤ ਕਾਮਿਆਂ ਲਈ ਸੁਰੱਖਿਆ ਪ੍ਰਬੰਧਾਂ 'ਚ ਵਾਧਾ ਕਰੇ ਸਰਕਾਰ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ ਕਿ ਉਹ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਅਤੇ ਸਿਹਤ ਕਰਮੀਆਂ
ਚੰਡੀਗੜ੍ਹ (ਗੁਰਉਪਦੇਸ਼ ਸਿੰਘ ਭੁੱਲਰ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ ਕਿ ਉਹ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਅਤੇ ਸਿਹਤ ਕਰਮੀਆਂ ਲਈ ਸੁਰੱਖਿਆ ਪ੍ਰਬੰਧਾਂ ਵਿਚ ਵਾਧਾ ਕਰਨ ਅਤੇ ਉਨ੍ਹਾਂ ਦੀ ਤਨਖ਼ਾਹਾਂ ਦੁੱਗਣੀਆਂ ਕਰਨ। ਇਸ ਤੋਂ ਇਲਾਵਾ ਪਾਰਟੀ ਨੇ ਕੋਵਿਡ-19 ਖ਼ਿਲਾਫ ਲੜਾਈ ਵਿਚ ਪ੍ਰਾਈਵੇਟ ਹਸਤਪਾਲਾਂ ਨੂੰ ਸਰਗਰਮੀ ਨਾਲ ਭਾਗ ਲੈਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ ਅਤੇ ਸੂਬੇ ਅੰਦਰ ਕੋਰੋਨਾ ਪੀੜਤਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦਿਤੇ ਜਾਣ ਦੀ ਵਕਾਲਤ ਵੀ ਕੀਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਇਕ ਚਿੱਠੀ ਵਿਚ ਇਹ ਸਾਰੇ ਸੁਝਾਅ ਦਿੰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਵਿਚ ਵੈਂਟੀਲੇਟਰਾਂ, ਟੈਸਟਿੰਗ ਕਿਟਾਂ ਅਤੇ ਪੀਪੀਈ ਕਿਟਾਂ ਦੀ ਭਾਰੀ ਕਮੀ ਕਰਕੇ ਕੋਵਿਡ-19 ਖ਼ਿਲਾਫ ਲੜਾਈ ਵਿਚ ਇਹ ਲਗਾਤਾਰ ਪਛੜਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਸਿਰਫ 123 ਵੈਂਟੀਲੇਟਰ ਹਨ ਅਤੇ ਬਹੁਤ ਸਾਰੇ ਜ਼ਿਲ੍ਹਿਆਂ ਅੰਦਰ ਸਰਕਾਰੀ ਹਸਪਤਾਲਾਂ ਵਿਚ ਇਕ ਵੀ ਵੈਂਟੀਲੇਟਰ ਨਹੀਂ ਹੈ।
ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ 270 ਵੈਂਟੀਲੇਟਰ ਮੌਜੂਦ ਹਨ ਪਰ ਉਨ੍ਹਾਂ ਨੂੰ ਇਸਤੇਮਾਲ ਵਿਚ ਨਹੀਂ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ, ਦਸਤਾਨਿਆਂ, ਮਾਸਕਾਂ ਅਤੇ ਟੈਸਟਿੰਗ ਕਿਟਾਂ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਟੈਸਟਿੰਗ ਕਿਟਾਂ ਦੀ ਕਮੀ ਕਰ ਕੇ ਕੋਵਿਡ-19 ਦੇ ਮਰੀਜ਼ਾਂ ਨੂੰ ਹਸਪਤਾਲਾਂ ਵਿਚੋਂ ਉਸ ਸਮੇਂ ਵਾਪਸ ਮੋੜ ਦਿਤਾ ਗਿਆ, ਜਦੋਂ ਉਨ੍ਹਾਂ ਨੇ ਆਪਣੀ ਬੀਮਾਰੀ ਬਾਰੇ ਦਸਿਆ ਅਤੇ ਬਾਅਦ ਵਿਚ ਉਹ ਪਾਜ਼ੇਟਿਵ ਨਿਕਲੇ।