ਕਾਲਜਾਂ-ਯੂਨੀਵਰਸਟੀਆਂ ਲਈ ਬਕਾਇਆ ਸਕਾਲਰਸ਼ਿਪ ਤੁਰਤ ਜਾਰੀ ਕਰੋ : ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

  'ਆਨਲਾਈਨ ਸਟੱਡੀ' ਲਈ ਲੋੜੀਂਦੇ ਕਦਮ ਚੁੱਕੇ ਜਾਣ : ਬੁੱਧ ਰਾਮ

File Photo

ਚੰਡੀਗੜ੍ਹ  (ਨੀਲ ਭਲਿੰਦਰ ਸਿੰਘ) : ਵਿਸ਼ਵ-ਵਿਆਪੀ ਆਫ਼ਤ ਕੋਰੋਨਾਵਾਇਰਸ ਕਾਰਨ ਠੱਪ ਹੋਏ ਹਾਲਤ ਦੇ ਮਦੇਨਜ਼ਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਾਨਤਾ ਪ੍ਰਾਪਤ (ਐਫਿਲੇਟਡ) ਨਿੱਜੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਟੀਆਂ ਦੇ ਅਧਿਆਪਨ ਅਤੇ ਗ਼ੈਰ-ਅਧਿਆਪਨ ਅਮਲੇ ਦੀਆਂ ਮਾਸਿਕ ਤਨਖ਼ਾਹਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਇਨ੍ਹਾਂ ਨਿੱਜੀ ਸਕੂਲਾਂ ਦੇ ਸਰਕਾਰ ਕੋਲ ਪਈ ਸਿਕਿਊਰਿਟੀ ਰਾਸ਼ੀ ਤੁਰਤ ਵਾਪਸ ਕੀਤੀ ਜਾਵੇ।
ਇਸੇ ਤਰ੍ਹਾਂ ਐਸਸੀ/ਐਸਟੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਦੀ ਸਰਕਾਰ ਵਲ ਖੜੀ ਅਰਬਾਂ ਰੁਪਏ ਦੀ ਬਕਾਇਆ ਰਾਸ਼ੀ ਵੀ ਹੰਗਾਮੀ ਹਲਾਤਾਂ ਤਹਿਤ ਸਬੰਧਤ ਕਾਲਜਾਂ ਯੂਨੀਵਰਸਟੀਆਂ ਅਤੇ ਤਕਨੀਕੀ ਸੰਸਥਾਵਾਂ ਨੂੰ ਜਾਰੀ ਕੀਤੀ ਜਾਵੇ।

ਇਸ ਤੋਂ ਇਲਾਵਾ ਪਾਰਟੀ ਨੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਘਰ ਬੈਠੇ-ਬੈਠੇ ਪੜ੍ਹਾਉਣ ਲਈ 'ਆਨ ਲਾਇਨ ਸਟੱਡੀ' ਸਮੇਤ ਹੋਰ ਸਾਧਨਾਂ ਨੂੰ ਵਰਤੋਂ 'ਚ ਲਿਆਉਣ ਦੀ ਮੰਗ ਵੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲ ਰੱਖੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਸਿਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਪ੍ਰਾਈਵੇਟ ਸਕੂਲਾਂ ਦੇ ਸਟਾਫ਼ ਨੂੰ ਤਨਖ਼ਾਹਾਂ ਯਕੀਨੀ ਬਣਾਉਣ ਅਤੇ ਬੱਚਿਆਂ ਤੋਂ ਫ਼ੀਸਾਂ ਨਾ ਵਸੂਲੇ ਜਾਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮਦੇਨਜ਼ਰ ਕਿਹਾ ਕਿ ਅਸੀਂ ਸਿਖਿਆ ਮੰਤਰੀ ਵਲੋਂ ਜਾਰੀ ਫ਼ਰਮਾਨ ਦੀ ਪ੍ਰੋੜ੍ਹਤਾ ਕਰਦੇ ਹਾਂ।

ਪ੍ਰਿੰਸੀਪਲ ਬੁੱਧਰਾਮ, ਬੀਬੀ ਮਾਣੂੰਕੇ ਅਤੇ ਮਾਸਟਰ ਬਲਦੇਵ ਸਿੰਘ ਨੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਲੱਖਾਂ ਵਿਦਿਆਰਥੀਆਂ ਦੀ ਪ੍ਰਭਾਵਿਤ ਹੋ ਰਹੀ ਪੜਾਈ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਸਿੱਖਿਆ ਮੰਤਰੀ ਕੋਲੋਂ ਮੰਗ ਕੀਤੀ ਕਿ ਸਰਕਾਰ ਘਰ ਬੈਠੇ-ਬੈਠੇ ਇਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੁੜੇ ਰਹਿਣ ਦਾ ਪ੍ਰਬੰਧ ਕਰੇ।