CM ਭਗਵੰਤ ਮਾਨ ਨੇ ਉਦਯੋਗ ਨੂੰ ਹੁਲਾਰਾ ਦੇਣ ਲਈ ਸਾਜ਼ਗਾਰ ਮਾਹੌਲ ਸਿਰਜਣ ਦਾ ਦਿੱਤਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਦਯੋਗ ਵਿਭਾਗ ਨੂੰ ਦਿੱਤੇ ਨਿਰਦੇਸ਼- ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਘੜੀਆਂ ਜਾਣ

CM Bhagwant Mann


ਚੰਡੀਗੜ੍ਹ: ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਦੀ ਲੋੜ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ  ਕਿ ਉਦਯੋਗਾਂ ਨੂੰ ਨੋ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀਜ਼) ਪ੍ਰਦਾਨ ਕਰਨ ਦੀ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੰਤਰ-ਵਿਭਾਗੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਤੋਂ ਇਲਾਵਾ  ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਘੜੀਆਂ ਜਾਣ।

CM Bhagwant Mann

ਉਦਯੋਗ ਅਤੇ ਵਣਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ। ਮਾਨ ਨੇ ਉਦਯੋਗ ਵਿਭਾਗ ਨੂੰ ਅਜਿਹੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਾਲੀ ਨੀਤੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਲਈ ਜਲਦੀ ਹੀ ਇੱਕ ਸ਼ਾਜ਼ਗਾਰ ਮਾਹੌਲ ਤਿਆਰ ਹੋਵੇਗਾ ਪਰ ਅਸੀਂ ਆਪਣੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਵਾਸਤੇ ਅਜਿਹੇ ਉਦਯੋਗ ਨੂੰ ਆਕਰਸ਼ਿਤ ਕਰਨ `ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਾਂ ਜਿਨ੍ਹਾਂ ਨਾਲ ਰੁਜ਼ਗਾਰ ਪੈਦਾ ਹੋਵੇ।

Bhagwant mann

ਨਵੇਂ ਉਦਯੋਗਾਂ ਨੂੰ ਐਨ.ਓ.ਸੀ. ਪ੍ਰਦਾਨ ਕਰਨ ਲਈ ਸਿੰਗਲ ਵਿੰਡੋ ਸਿਸਟਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਕੁਝ ਮਹੱਤਵਪੂਰਨ ਨਿਰੀਖਣ ਕੀਤੇ ਅਤੇ ਵਿਭਾਗ ਨੂੰ ਨਿਵੇਸ਼ਕਾਂ ਲਈ ਕੁਸ਼ਲ, ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਾਸਤੇ ਇਸ ਵਿੱਚ ਨਵੀਆਂ ਤਬਦੀਲੀਆਂ ਲਿਆਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਆਪਣੇ ਆਪ ਬੋਲਦੀ ਹੈ ਅਤੇ ਉਦਯੋਗਪਤੀ ਰਾਜ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਖ਼ੁਦ ਪ੍ਰਸ਼ੰਸਾ ਕਰਨਗੇ।

Bhagwant Mann

ਇਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਉਦਯੋਗ ਦੀ ਮੌਜੂਦਾ ਵਿਕਾਸ ਦਰ, ਇਸ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਦਰਪੇਸ਼ ਪ੍ਰਮੁੱਖ ਚੁਣੌਤੀਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਰਜਤ ਅਗਰਵਾਲ, ਉਦਯੋਗ ਅਤੇ ਵਣਜ ਦੇ ਡਾਇਰੈਕਟਰ ਸਿਬਿਨ ਸੀ ਵੀ ਹਾਜ਼ਰ ਸਨ।