ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਸੁਨੀਲ ਜਾਖੜ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਵਿਚ ਘਮਾਸਾਨ ਜਾਰੀ

Sunil Jakhar

 

 ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਕਾਟੋ ਕਲੇਸ਼ ਜਾਰੀ ਹੈ। ਹੁਣ ਸੁਨੀਲ ਜਾਖੜ ਦੀਆਂ ਮੁਸੀਬਤਾਂ ਵਧਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਸਾਬਕਾ ਮੰਤਰੀ ਸੁਰਜੀਤ ਸਿੰਘ ਧੀਮਾਨ ਨੂੰ ਕਾਂਗਰਸ ਪਾਰਟੀ ’ਚੋਂ ਬਾਹਰ ਦਾ ਰਸਤਾ ਵਿਖਾਉਣ ਤੋਂ ਬਾਅਦ ਹੁਣ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਖ਼ਿਲਾਫ਼ ਕਾਰਵਾਈ ਦੀ ਮੰਗ ਉੱਠੀ ਹੈ। ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸੁਨੀਲ ਜਾਖੜ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਪਾਰਟੀ ’ਚੋਂ ਬਰਖ਼ਾਸਤ ਕੀਤਾ ਜਾਵੇ।

 

 

 

ਸੁਨੀਲ ਜਾਖੜ ਦੇ ਬਿਆਨ ਵਿਰੁੱਧ ਪੂਰੇ ਪੰਜਾਬ ਵਿਚ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤੇ ਗਏ ਸਨ, ਜਿਸ ਨਾਲ ਪੰਜਾਬ ਕਾਂਗਰਸ ਦੀ ਸਾਖ ਨੂੰ ਸੱਟ ਵੱਜੀ ਸੀ। ਇਸੇ ਦੇ ਮੱਦੇਨਜ਼ਰ ਹਰੀਸ਼ ਚੌਧਰੀ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਹਾਈਕਮਾਨ ਨੂੰ ਚਿੱਠੀ ਲਿਖ ਕੇ ਜਾਖੜ ਖਿਲਾਫ਼ ਕਦਮ ਚੁੱਕਣ ਨੂੰ ਕਿਹਾ ਗਿਆ ਹੈ।

 

 

ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਇਕ ਵਿਵਾਦਿਤ ਬਿਆਨ ਦਿੱਤਾ ਸੀ। ਜਿਸ ਕਾਰਨ ਸੂਬੇ ’ਚ ਪਾਰਟੀ ਦੀ ਫਜ਼ੀਹਤ ਹੋਈ ਸੀ। ਇਸੇ ਤਰ੍ਹਾਂ ਸੁਰਜੀਤ ਸਿੰਘ ਧੀਮਾਨ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਬਿਆਨ ਦਿੱਤਾ ਸੀ, ਜਿਸ ਕਾਰਨ ਉਸ ਨੂੰ ਪਾਰਟੀ ’ਚ ਕੱਢ ਦਿੱਤਾ ਗਿਆ ਹੈ।