ਜਲੰਧਰ ਜ਼ਿਮਨੀ ਚੋਣ: ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੇ ਡਾ. ਸੁਖਵਿੰਦਰ ਸੁੱਖੀ ਨੂੰ ਐਲਾਨਿਆ ਉਮੀਦਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਾ. ਸੁੱਖੀ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਨ।

Dr Sukhwinder Sukhi to be SAD-BSP candidate for Jalandhar Lok Sabha bypoll


ਚੰਡੀਗੜ੍ਹ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਉਮੀਦਵਾਰ ਦੀ ਤਲਾਸ਼ ਖ਼ਤਮ ਹੋ ਗਈ ਹੈ। ਗਠਜੋੜ ਨੇ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਡਾ. ਸੁੱਖੀ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਨ।

ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਹੋਈ ਡਿਜੀਟਲ, 29 ਥਾਣਿਆਂ ਨੂੰ ਮਿਲੀਆਂ ਫੋਰੈਂਸਿਕ ਟੈਸਟ ਕਿੱਟਾਂ

ਉਮੀਦਵਾਰ ਐਲਾਨੇ ਜਾਣ ਮਗਰੋਂ ਡਾ. ਸੁਖਵਿੰਦਰ ਸੁੱਖੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ, “ਮੈਨੂੰ ਲੋਕ ਸਭਾ ਹਲਕਾ ਜਲੰਧਰ ਦੇ ਉਮੀਦਵਾਰ ਵਜੋਂ ਗਠਜੋੜ ਦੀ  ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਮੇਰੇ 'ਤੇ ਭਰੋਸਾ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ।ਮੈਂ ਪ੍ਰਮਾਤਮਾ ਅਤੇ ਜਲੰਧਰ ਦੇ ਲੋਕਾਂ ਅੱਗੇ ਬੇਨਤੀ ਕਰਦਾ ਹਾਂ ਕਿ ਉਹ ਮੈਨੂੰ ਜਲੰਧਰ ਲੋਕ ਸਭਾ ਦੀਆਂ ਲੋੜਾਂ ਅਤੇ ਇੱਛਾਵਾਂ ਦੀ ਪ੍ਰਤੀਨਿਧਤਾ ਕਰਨ ਦੀ ਤਾਕਤ ਬਖਸ਼ਣ”।

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਟਵੀਟ

ਸੁੱਖੀ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ, ਉਹਨਾਂ ਨੇ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਡਾ. ਸੁੱਖੀ ਬਸਪਾ ਤੋਂ ਅਕਾਲੀ ਦਲ ਵਿਚ ਗਏ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਵੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਗੁਰਜੰਟ ਸਿੰਘ ਕੱਟੂ ਨੂੰ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ ।

ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਕਾਂਗਰਸ ਵੱਲੋਂ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਜਦਕਿ ਅਕਾਲੀ ਦਲ-ਬਸਪਾ ਗਠਜੋੜ ਨੇ ਡਾ. ਸੁਖਵਿੰਦਰ ਸੁੱਖੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭਾਜਪਾ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।