ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ : ਰੰਧਾਵਾ
ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਮੁੜ ਪਹਿਲਾਂ...
ਕਪੂਰਥਲਾ, 11 ਮਈ (ਇੰਦਰਜੀਤ ਸਿੰਘ) : ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਮੁੜ ਪਹਿਲਾਂ ਵਾਂਗ ਖੁਸ਼ਹਾਲ ਸੂਬਾ ਬਣਾਉਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਨੂੰ ਜਲਦ ਹੀ ਹਾਸਲ ਕਰ ਲਿਆ ਜਾਵੇਗਾ।
ਮੰਤਰੀ ਰੰਧਾਵਾ ਬਾਬਾ ਬੀਰ ਸਿੰਘ ਨੌਰੰਗਾਬਾਦੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੁਲਤਾਨਪੁਰ ਹਲਕੇ ਦੇ ਪਿੰਡ ਠੱਟਾ ਵਿਖੇ ਸਤਾਈਏ ਦੇ ਮੇਲੇ ਮੌਕੇ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕੀਤੀ ਗਈ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਮੁੱਖ ਮਕਸਦ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ ਤੇ ਵਧੀਆ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਅਤੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ।
ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਦੋ ਅਹਿਮ ਵਿਭਾਗ ਸੌਂਪੇ ਗਏ ਹਨ, ਜਿਨ੍ਹਾਂ ਵਿਚ ਵੱਡੇ ਸੁਧਾਰ ਲਿਆਂਦੇ ਜਾਣਗੇ। ਪੰਜਾਬ ਦੇ ਸਹਿਕਾਰਤਾ ਵਿਭਾਗ ਨੂੰ ਵਿਸ਼ਵ ਵਿਚ ਨੰਬਰ ਇਕ 'ਤੇ ਲਿਆਂਦਾ ਜਾਵੇਗਾ। ਸੂਬੇ ਦੀਆਂ ਜੇਲ੍ਹਾਂ ਦਾ ਵੱਡੇ ਪੱਧਰ 'ਤੇ ਸੁਧਾਰ ਕੀਤਾ ਜਾਵੇਗਾ ਅਤੇ ਜੇਲ੍ਹਾਂ ਨੂੰ ਆਪਣਾ ਰੈਵੀਨਿਊ ਆਪ ਪੈਦਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।