ਵਿਜੀਲੈਂਸ ਬਿਊਰੋ ਵਲੋਂ 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬਲ ਸਿੰਘ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਮੀਨ ਦੇ ਇੰਤਕਾਲ ਵਿਚ ਸੋਧ ਕਰਨ ਬਦਲੇ ਮੁਲਜ਼ਮ ਨੇ ਮੰਗੀ ਸੀ ਰਿਸ਼ਵਤ

photo

 

 ਚੰਡੀਗੜ੍ਹ: ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਰਾਜੀਆ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਸਰਕਾਰੀ ਸਕੂਲ 'ਚ ਟੈਟਨਸ ਦਾ ਟੀਕਾ ਲਗਾਉਣ ਮਗਰੋਂ ਵਿਦਿਆਰਥਣਾਂ ਦੀ ਵਿਗੜੀ ਸਿਹਤ, ਹਸਪਤਾਲ ਭਰਤੀ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਪਰਗਟ ਸਿੰਘ ਵਾਸੀ ਪਿੰਡ ਧਾਲੀਵਾਲ ਕਲੇਰ, ਤਹਿਸੀਲ ਅਜਨਾਲਾ ਦੀ ਸ਼ਿਕਾਇਤ 'ਤੇ ਗ੍ਰਿਫ਼਼ਤਾਰ ਕੀਤਾ ਗਿਆ ਹੈ।  ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦੀ ਜ਼ਮੀਨ ਦੇ ਇੰਤਕਾਲ ਵਿਚ ਸੋਧ ਕਰਨ ਬਦਲੇ ਉਕਤ ਪਟਵਾਰੀ 6,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 

ਇਹ ਵੀ ਪੜ੍ਹੋ: ਕੁਝ ਦਿਨ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜੁਆਨ ਦੀ ਮੌਤ

ਉਸ ਦੀ ਸ਼ਿਕਾਇਤ ਵਿਚਲੇ ਦੋਸ਼ਾਂ ਦੀ ਪੁਸ਼ਟੀ ਉਪਰੰਤ, ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਉਸ ਕੋਲੋਂ ਰੰਗੇ ਹੋਏ ਨੋਟ ਬਰਾਮਦ ਕਰ ਲਏ ਗਏ।  ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।