Punjab News : ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ
Punjab News : ਪ੍ਰੀਖਿਆਵਾਂ ਸੋਧੇ ਹੋਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ
Punjab News in Punjabi : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲ੍ਹਣਗੇ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ ਸੋਧ ਕੀਤੀ ਹੈ, ਤਾਂ ਪ੍ਰੀਖਿਆਵਾਂ ਸੋਧੇ ਹੋਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ।
ਇਸ ਤੋਂ ਇਲਾਵਾ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਥਾਨਕ ਹਾਲਾਤਾਂ ਦੇ ਆਧਾਰ 'ਤੇ ਸਕੂਲ ਖੋਲ੍ਹਣ ਜਾਂ ਬੰਦ ਕਰਨ ਸਬੰਧੀ ਫ਼ੈਸਲਾ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹਰਜੋਤ ਸਿੰਘ ਬੈਂਸ ਨੇ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਦੁਆਰਾ ਜਾਰੀ ਸੁਰੱਖਿਆ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਵਿਦਿਆਰਥੀਆਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਹਾਲਾਤ ਆਮ ਵਾਂਗ ਹੋ ਗਏ ਹਨ, ਤਾਂ ਵਿਦਿਅਕ ਸੰਸਥਾਵਾਂ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ।
ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਨੂੰ ਆਪਣੀਆਂ ਬਹਾਦਰ ਹਥਿਆਰਬੰਦ ਸੈਨਾਵਾਂ 'ਤੇ ਬਹੁਤ ਮਾਣ ਹੈ ਅਤੇ ਉਨ੍ਹਾਂ ਦਾ ਸਮਰਪਣ ਸਾਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।
(For more news apart from All educational institutions will reopen from Monday: Harjot Singh Bains News in Punjabi, stay tuned to Rozana Spokesman)