Punjab and Haryana : ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ : ਭਗਵੰਤ ਮਾਨ
ਹਰ ਪੰਜਾਬੀ BBMB ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਦਖਲਅੰਦਾਜ਼ੀ ਕਰਨ ਦੀ ਸਖ਼ਤ ਮੁਖਾਲਫ਼ਤ ਕਰੇਗਾ: ਮੁੱਖ ਮੰਤਰੀ ਮਾਨ
ਨੰਗਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਅਹਿਦ ਲਿਆ।
ਮੁੱਖ ਮੰਤਰੀ ਅੱਜ ਨੰਗਲ ਵਿਖੇ ਬੀ.ਬੀ.ਐਮ.ਬੀ. ਵੱਲੋਂ ਪਾਣੀ ਛੱਡਣ ਦੇ ਖਿਲਾਫ ਹੋਏ ਪ੍ਰਦਰਸ਼ਨ ਵਿੱਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਕੌਮਾਂਤਰੀ ਸਰਹੱਦਾਂ 'ਤੇ ਦੁਸ਼ਮਣ ਦਾ ਬਹਾਦਰੀ ਨਾਲ ਸਾਹਮਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਨੂੰ ਉਸ ਦੇ ਪਾਣੀਆਂ ਤੋਂ ਵਾਂਝਾ ਕਰਨ ਲਈ ਘਟੀਆ ਖੇਡਾਂ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਕਿਉਂਕਿ ਪੰਜਾਬ ਪੁਲਿਸ ਅਤੇ ਸੂਬਾ ਵਾਸੀ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਸਰਹੱਦ ਦੀ ਰਾਖੀ ਲਈ ਫੌਜ ਦੀ ਮਦਦ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਅਜਿਹੀਆਂ ਹੋਛੀਆਂ ਹਰਕਤਾਂ ਕਰ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੰਭੀਰ ਸੰਕਟ ਦੇ ਮੌਕੇ ਅਜਿਹੀਆਂ ਹਰਕਤਾਂ ਤੋਂ ਬਚਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੌਮਾਂਤਰੀ ਸਰਹੱਦ ਅਤੇ ਇੱਥੋਂ ਤੱਕ ਕਿ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਹੱਦ 'ਤੇ ਵਧਦੇ ਤਣਾਅ ਦੇ ਵਿਚਕਾਰ ਜਦੋਂ ਡਰੋਨ ਡੈਮਾਂ 'ਤੇ ਦਿਖਾਈ ਦਿੰਦੇ ਹਨ, ਭਾਜਪਾ ਸਾਨੂੰ ਜੰਗ ਦੇ ਨਾਜ਼ੁਕ ਮੌਕੇ ਬਹੁਤ ਹੀ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਸੂਬਾ ਸਰਕਾਰ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ ਅਤੇ ਸਾਨੂੰ ਆਪਣੇ ਕੀਮਤੀ ਪਾਣੀਆਂ ਨੂੰ ਬਚਾਉਣ ਲਈ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਪਾਣੀਆਂ ਦੇ ਸੰਕਟ ਦੇ ਮਸਲੇ 'ਤੇ ਕਿਸਾਨ ਜਥੇਬੰਦੀਆਂ ਦੀ ਚੁੱਪ 'ਤੇ ਸਵਾਲ ਚੁੱਕੇ
ਮੁੱਖ ਮੰਤਰੀ ਨੇ ਇਸ ਮੁੱਦੇ 'ਤੇ ਕਿਸਾਨ ਯੂਨੀਅਨਾਂ ਦੀ ਚੁੱਪ 'ਤੇ ਵੀ ਸਵਾਲ ਚੁੱਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਇਸ ਸਬੰਧ ਵਿੱਚ ਇੱਕ ਵੀ ਬਿਆਨ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਬੇਤੁੱਕੇ ਮਸਲਿਆਂ 'ਤੇ ਸੜਕ ਅਤੇ ਰੇਲਾਂ ਜਾਮ ਕਰਕੇ ਆਪਣੀਆਂ 'ਦੁਕਾਨਾਂ' ਚਲਾ ਰਹੇ ਹਨ ਪਰ ਸੂਬੇ ਨਾਲ ਸਬੰਧਤ ਇਸ ਮਹੱਤਵਪੂਰਨ ਅਤੇ ਗੰਭੀਰ ਮੁੱਦੇ 'ਤੇ ਪੂਰੀ ਤਰ੍ਹਾਂ ਚੁੱਪ ਹਨ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਅਸਲ ਵਿੱਚ ਕਿਸਾਨ ਆਗੂ ਇਸ ਕਰਕੇ ਅੱਜ ਨੰਗਲ ਨਹੀਂ ਪਹੁੰਚੇ ਕਿਉਂਕਿ ਇੱਥੇ ਏ.ਸੀ. ਵਾਲੀਆਂ ਟਰਾਲੀਆਂ ਨਹੀਂ ਹਨ ਅਤੇ ਉਨ੍ਹਾਂ ਨੂੰ ਧੁੱਪ ਹੇਠ ਵਿਰੋਧ ਪ੍ਰਦਰਸ਼ਨ ਕਰਨਾ ਪੈਣਾ ਸੀ ਜੋ ਹੁਣ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਕਿਸਾਨ ਯੂਨੀਅਨਾਂ ਦੀ ਮਦਦ ਦੀ ਲੋੜ ਵੀ ਨਹੀਂ ਹੈ ਕਿਉਂਕਿ ਸਾਡੀ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਖੁਦ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਬੀ.ਬੀ.ਐਮ.ਬੀ. ਅਧਿਕਾਰੀਆਂ ਰਾਹੀਂ ਸੂਬੇ ਦੇ ਪਾਣੀਆਂ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਅਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਰਾਸਰ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਇਸ ਵਿਰੁੱਧ ਜ਼ੋਰਦਾਰ ਸੰਘਰਸ਼ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਅਜਿਹੇ ਸਾਰੇ ਯਤਨਾਂ ਨੂੰ ਨਾਕਾਮ ਕਰ ਦੇਵੇਗੀ।
ਮੁੱਖ ਮੰਤਰੀ ਨੇ ਭਾਜਪਾ ਅਤੇ ਬੀ.ਬੀ.ਐਮ.ਬੀ. ਨੂੰ ਤਾੜਨਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਅਜਿਹੀ ਕੋਈ ਵੀ ਕੋਸ਼ਿਸ਼ ਸੂਬੇ ਵਿੱਚ ਅਮਨ-ਕਾਨੂੰਨ ਦੀ ਵੱਡੀ ਸਮੱਸਿਆ ਪੈਦਾ ਕਰ ਸਕਦੀ ਹੈ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਵੱਡੇ ਨੁਕਸਾਨ ਲਈ ਦੋਵੇਂ ਧਿਰਾਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਸਾਫ ਤੌਰ 'ਤੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬੇ ਤੋਂ ਪਾਣੀ ਛੱਡਣ ਦਾ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ ਪਰ ਭਾਜਪਾ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ਤੋਂ ਪਾਣੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਮੰਗਿਆ ਸੀ ਕਿਉਂਕਿ ਰਾਜਸਥਾਨ ਸਰਹੱਦ 'ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ, ਇਸੇ ਕਰਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਪਾਣੀ ਛੱਡਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਹੁਣ ਕੋਈ ਬੀ.ਬੀ.ਐਮ.ਬੀ. ਅਧਿਕਾਰੀ ਇੱਥੇ ਆ ਕੇ ਪਾਣੀ ਛੱਡਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਆਪਣੀ ਸੁਰੱਖਿਆ ਦੇ ਖੁਦ ਜ਼ਿੰਮੇਵਾਰ ਹੋਣਗੇ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀ ਸ਼ਰਾਰਤ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੇ ਇਸ਼ਾਰੇ 'ਤੇ ਹੋ ਰਹੀ ਹੈ ਜੋ ਹਰਿਆਣਾ ਤੋਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਖੱਟਰ ਅਤੇ ਭਾਜਪਾ ਪੰਜਾਬ ਨੂੰ ਹਲਕੇ ਵਿੱਚ ਨਾ ਲੈਣ ਕਿਉਂਕਿ ਜੇਕਰ ਪੰਜਾਬੀ ਸੂਬੇ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਇਸ ਦੇ ਪਾਣੀਆਂ ਨੂੰ ਵੀ ਬਚਾਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਕਿਸਤਾਨ ਨਾਲ ਲੱlਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਗੌਰਵਸ਼ਾਲੀ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜਵਾਂ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਾਲਾਂ ਤੋਂ, ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜਿਆ ਜਾ ਰਿਹਾ ਹੈ ਅਤੇ ਭਾਜਪਾ ਸਰਕਾਰ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਇਸ ਬੋਰਡ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਬੀ.ਬੀ.ਐਮ.ਬੀ. ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਕਾਰ ਅਤੇ ਅਸਵੀਕਾਰਨਯੋਗ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਦੂਜੇ ਸੂਬਿਆਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਇਹ ਕਰਮਚਾਰੀ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਸਾਲਾਂ ਵਿੱਚ ਬੀ.ਬੀ.ਐਮ.ਬੀ. ਨੂੰ ਦਿੱਤੇ ਗਏ ਫੰਡਾਂ ਦਾ ਲੇਖਾ-ਜੋਖਾ ਵੀ ਕਰਵਾਏਗੀ ਕਿਉਂਕਿ ਅਧਿਕਾਰੀਆਂ ਨੇ ਕਰਦਾਤਾਵਾਂ ਦੀ ਇਸ ਮਿਹਨਤ ਦੀ ਕਮਾਈ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੀ ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਹੀ ਪੈਸੇ ਦੀ ਵਰਤੋਂ ਕਰਦਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਵਾਰ-ਵਾਰ ਸੂਬੇ ਦਾ ਪਾਣੀ ਹਰਿਆਣਾ ਨੂੰ ਦੇਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬੀਆਂ ਨਾਲ ਮਿਲ ਕੇ ਨੰਗਲ ਵਿਖੇ ਬੈਠਣਗੇ ਅਤੇ ਭਾਜਪਾ ਦੇ ਸੂਬੇ ਵਿੱਚੋਂ ਪਾਣੀ ਛੱਡਣ ਦੀ ਕਿਸੇ ਵੀ ਚਾਲ ਨੂੰ ਪੂਰੀ ਚੌਕਸੀ ਨਾਲ ਨਾਕਾਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹਿੱਸੇ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੋਈ ਵੀ, ਭਾਵੇਂ ਉਹ ਕਿੰਨਾ ਵੀ ਤਾਕਤਵਾਰ ਕਿਉਂ ਨਾ ਹੋਵੇ, ਇਸ ਨੂੰ ਸਾਡੇ ਤੋਂ ਖੋਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਨਾਲ ਹੀ ਕਿਹਾ ਕਿ ਕਿਸੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕ ਖਤਰੇ ਦੀ ਕਗਾਰ 'ਤੇ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ।