ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਪੀਕਰ ਵੱਲੋਂ ਜਲਦ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਹੱਲ ਕਰਨ ਦਾ ਭਰੋਸਾ

kultar Singh Sandhwa, Dr. Manjit Singh Dhillon

ਚੰਡੀਗੜ੍ਹ : ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਸੌਂਪਿਆ। ਸਪੀਕਰ ਸੰਧਵਾਂ ਨਾਲ ਮੀਟਿੰਗ ਦੌਰਾਨ ਡਾ. ਢਿੱਲੋਂ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਮਹਿਸੂਸ ਹੋਇਆ ਕਿ ਸਿਰਫ਼ ਭਾਰਤ ਦੇਸ਼ ਨੂੰ ਹੀ 40 ਲੱਖ ਤੋਂ ਜ਼ਿਆਦਾ ਨਰਸਾਂ ਦੀ ਜ਼ਰੂਰਤ ਹੈ ਅਤੇ ਵਿਦੇਸ਼ਾਂ ’ਚ ਵੀ ਨਰਸਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾ ਦੀ ਮੰਗ ਵੱਧ ਰਹੀ ਹੈ, ਇਸ ਲਈ ਨਰਸਿੰਗ ਦੇ ਕਿੱਤੇ ਨੂੰ ਨੌਜਵਾਨ ਅਹਿਮੀਅਤ ਦੇ ਰਹੇ ਹਨ ਅਤੇ ਇਹ ਪੰਜਾਬ ਭਰ ਵਿੱਚ ਉੱਭਰ ਕੇ ਸਾਹਮਣੇ ਆ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬਾਬਾ ਫ਼ਰੀਦ ਹੈਲਥ ਐਂਡ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਵੱਲੋਂ ਨਰਸਿੰਗ ਦੀ ਪੜ੍ਹਾਈ ਕਰਨ ਵਾਲੇ ਹਰ ਵਿਦਿਆਰਥੀ ਲਈ ਟੈਸਟ ਜ਼ਰੂਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਸਮੇਤ ਦਿੱਲੀ, ਯੂ.ਪੀ, ਬਿਹਾਰ, ਮਹਾਂਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ ਪੰਜਾਬ ’ਚ ਆਉਣ ਤੋਂ ਸੰਕੋਚ ਕਰਨਗੇ। ਇਸ ਨਾਲ ਜਿੱਥੇ ਸਰਕਾਰ ਦੀ ਕਰੋੜਾਂ ਰੁਪਏ ਦੀ ਆਮਦਨ ਪ੍ਰਭਾਵਿਤ ਹੋਵੇਗੀ, ਉੱਥੇ ਨਰਸਿੰਗ ਕਾਲਜ ਵੀ ਆਰਥਿਕ ਸੰਕਟ ਦਾ ਸ਼ਿਕਾਰ ਹੋ ਸਕਦੇ ਹਨ।

ਨਰਸਿੰਗ ਕਾਲਜਾਂ ਸਬੰਧੀ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਮੁੱਦੇ ਬਾਰੇ ਛੇਤੀ ਹੀ ਸੂਬੇ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕਰਵਾਉਣਗੇ।