ਪੰਜਾਬ ਦੇ ਦਰਿਆਵਾਂ ਦੀ ਸਫ਼ਾਈ ਲਈ ਕੇਂਦਰ ਨੂੰ ਸੌਂਪਿਆ ਜਾਵੇਗਾ ਪ੍ਰਸਤਾਵ : ਸਰਕਾਰੀਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਦਰਿਆਵਾਂ ਦੇ ਪਾਣੀ ਨੂੰ ਸਾਫ਼ ਕਰਨ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ...........

Sukhbinder Singh Sarkaria

ਚੰਡੀਗੜ੍ਹ : ਪੰਜਾਬ ਦੇ ਦਰਿਆਵਾਂ ਦੇ ਪਾਣੀ ਨੂੰ ਸਾਫ਼ ਕਰਨ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਇਸ ਪ੍ਰਸਤਾਵ ਨੂੰ ਤਿਆਰ ਕਰਨ ਦਾ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਹੈ ਕਿ ਪੰਜਾਬ ਵੱਲੋਂ ਭੇਜੇ ਜਾਣ ਵਾਲੇ ਪ੍ਰਸਤਾਵ 'ਤੇ ਸਾਕਾਰਾਤਮਕ ਗੌਰ ਕੀਤੀ ਜਾਵੇ ਅਤੇ ਕੌਮੀ ਦਰਿਆ ਸੰਭਾਲ ਪ੍ਰੋਗਰਾਮ ਤਹਿਤ ਜਾਂ ਅਜਿਹੀ ਕਿਸੇ ਹੋਰ ਸਕੀਮ ਅਧੀਨ ਦਰਿਆਵਾਂ ਦੀ ਸਫ਼ਾਈ ਲਈ ਫੰਡ ਮੁਹੱਈਆ ਕਰਵਾਏ ਜਾਣ।

ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ  ਸੁਖਬਿੰਦਰ ਸਿੰਘ ਸਰਕਾਰੀਆ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਪਰੋਕਤ ਮਕਸਦ ਦੇ ਸੰਦਰਭ ਵਿਚ ਵਿਭਾਗ ਇਕ ਤਜਵੀਜ਼ ਬਣਾ ਕੇ ਕੇਂਦਰੀ ਜਲ ਸਰੋਤ, ਦਰਿਆ ਵਿਕਾਸ ਅਤੇ ਗੰਗਾ ਕਾਇਆਕਲਪ ਮੰਤਰਾਲੇ ਨੂੰ ਭੇਜੇ। ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਵਿਭਾਗ ਵੱਲੋਂ ਦਰਿਆਈ ਪਾਣੀ ਬਚਾਉਣ ਲਈ ਵੱਡੇ ਪੱਧਰ 'ਤੇ ਇਕ ਜਨ ਮੁਹਿੰਮ ਜਲਦ ਸ਼ੁਰੂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਦਯੋਗਾਂ ਅਤੇ ਸ਼ਹਿਰਾਂ ਦੇ ਅਣਸੋਧੇ ਗੰਦੇ ਪਾਣੀ ਨੂੰ ਸਤਲੁਜ ਅਤੇ ਬਿਆਸ ਦਰਿਆਵਾਂ ਵਿਚ ਸੁੱਟਣ ਤੋਂ ਰੋਕਣ ਲਈ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ। ਗੰਦੇ ਪਾਣੀ ਨੂੰ ਸੋਧ ਕੇ ਇਸ ਦੀ ਵਰਤੋਂ ਸਿੰਚਾਈ ਲਈ ਕਰਨ ਹਿੱਤ ਵੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਨੂੰ ਉਕਤ ਪ੍ਰਸਤਾਵ ਛੇਤੀ ਭੇਜਣ ਲਈ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਪਾਣੀਆਂ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਮਦਦ ਕੀਤੀ ਜਾਵੇ।

Related Stories