ਪ੍ਰਾਈਵੇਟ ਸਕੂਲ ਬੱਸ ਨੇ ਬਜ਼ੁਰਗ ਨੂੰ ਕੁਚਲਿਆ, ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ 'ਤੇ ਬੱਸ ਚਾਲਕ ਬੂਟਾ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਜੰਡਵਾਲਾ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Elderly man crushed by private school bus, died on the way to hospital

 

ਫਾਜ਼ਿਲਕਾ - ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਮੌਲਵੀ ਵਾਲਾ (ਚੱਕ ਜੰਡ ਵਾਲਾ) ਵਿਖੇ ਸੋਮਵਾਰ ਸਵੇਰੇ ਇਕ ਨਿੱਜੀ ਸਕੂਲ ਦੀ ਬੱਸ ਨੇ 65 ਸਾਲਾ ਵਿਅਕਤੀ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਵੈਰੋਵਾਲ ਦੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਡਰਾਈਵਰ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਮ੍ਰਿਤਕ ਦੌਲਤ ਰਾਮ ਦੇ ਪੁੱਤਰ ਪ੍ਰਵੀਨ ਕੰਬੋਜ ਨੇ ਦੱਸਿਆ ਕਿ ਉਸ ਦਾ ਪਿਤਾ ਸੋਮਵਾਰ ਸਵੇਰੇ ਕਰੀਬ 6:45 ਵਜੇ ਪਸ਼ੂ ਸ਼ੈਲਟਰ ਤੋਂ ਪੈਦਲ ਘਰ ਪਰਤ ਰਿਹਾ ਸੀ। ਉਦੋਂ ਜਲਾਲਾਬਾਦ ਤੋਂ ਪਿੰਡ ਆ ਰਹੀ ਪ੍ਰਾਈਵੇਟ ਸਕੂਲ ਦੀ ਬੱਸ ਨੇ ਉਸ ਦੇ ਪਿਤਾ ਨੂੰ ਕੁਚਲ ਦਿੱਤਾ। ਉਹਨਾਂ ਦੱਸਿਆ ਕਿ ਡਰਾਈਵਰ ਦੀ ਲਾਪਰਵਾਹੀ ਦਾ ਪਤਾ ਇਸ ਗੱਲ ਤੋਂ ਲੱਗਦਾ ਹੈ ਕਿ ਸਾਰੀ ਸੜਕ ਖਾਲੀ ਸੀ, ਫਿਰ ਵੀ ਡਰਾਈਵਰ ਨੇ ਮੇਰੇ ਪਿਤਾ 'ਤੇ ਬੱਸ ਚੜ੍ਹਾ ਦਿੱਤੀ। ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਹਾਦਸੇ 'ਚ ਪਿਤਾ ਗੰਭੀਰ ਜ਼ਖਮੀ ਹੋ ਗਿਆ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਰਸਤੇ ਵਿਚ ਹੀ ਉਹਨਾਂ ਦੀ ਮੌਤ ਹੋ ਗਈ।

ਇਹ ਵੀ ਸਾਹਮਣੇ ਆਇਆ ਹੈ ਕਿ ਬੱਸ ਦਾ ਡਰਾਈਵਰ ਫੋਨ 'ਤੇ ਗੱਲ ਕਰ ਰਿਹਾ ਸੀ, ਜਿਸ ਕਾਰਨ ਉਹ ਬੱਸ ਚਲਾਉਣ ਵੱਲ ਧਿਆਨ ਨਹੀਂ ਦੇ ਰਿਹਾ ਸੀ। 
ਪਰਿਵਾਰਕ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਹੁਕਮਾਂ ਦੀ ਅਣਦੇਖੀ ਕਰਕੇ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੀਆਂ ਕੰਡਮ ਬੱਸਾਂ ਨੂੰ ਤੁਰੰਤ ਬੰਦ ਕੀਤਾ ਜਾਵੇ, ਤਾਂ ਜੋ ਇਨ੍ਹਾਂ ਕਾਰਨ ਕਿਸੇ ਹੋਰ ਮਾਸੂਮ ਦੀ ਜਾਨ ਨਾ ਜਾਵੇ।  ਦੂਜੇ ਪਾਸੇ ਥਾਣਾ ਵੈਰੋਵਾਲ ਦੇ ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ 'ਤੇ ਬੱਸ ਚਾਲਕ ਬੂਟਾ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਜੰਡਵਾਲਾ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।