ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੀ ਹਦਾਇਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਵੀ ਵਿਦਿਆਰਥੀਆਂ ਨੂੰ ਮਜ਼ਬੂਰ ਨਾ ਕਰਨ ਦੇ ਹੁਕਮ ਜਾਰੀ

Vijay Inder Singla

ਚੰਡੀਗੜ੍ਹ: ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟ੍ਰਾਂਸਫਰ ਸਰਟੀਫਿਕੇਟ ਪ੍ਰਾਪਤ ਕਰਨ ਦੀ ਆ ਰਹੀ ਮੁਸ਼ਕਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦਾਖਲੇ ਸਬੰਧੀ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਸਬੰਧ ਵਿੱਚ ਕੋਈ ਮੁਸ਼ਕਲ ਨਾ ਆਵੇ।

ਇਸ ਦੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਸ਼ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਸਕੂਲ ਮੁਖੀਆਂ ਨੂੰ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੰਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜ੍ਹਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ। ਬੁਲਾਰੇ ਅਨੁਸਾਰ ਟ੍ਰਾਂਸਫਰ ਸਰਟੀਫਿਕੇਟ ਨਾ ਦੇਣ ਵਾਲੇ ਸਕੂਲਾਂ ਦੇ ਨਾਂ ਮੁੱਖ ਦਫਤਰ ਨੂੰ ਭੇਜਣ ਵਾਸਤੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨ੍ਹਾਂ ਵਿਦਿਆਰਥੀਆਂ ਦੇ ਕੋਲ ਜਨਮ ਸਰਟੀਫਿਕੇਟ ਨਹੀਂ ਹੈ, ਉਨ੍ਹਾਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਮਜ਼ਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ’ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।
 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।