ਵਿਜੀਲੈਂਸ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕੀਤਾ ਕਾਬੂ
13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਗਰਮੀ ਨਾਲ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ ਹਨ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ ਪੰਜ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਫੈਸਲਾ ਸੁਣਾਇਆ ਹੈ, ਜਿਸ ਵਿੱਚ ਸੱਤ ਵਿਅਕਤੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਦੇ ਨਾਲ 10,000 ਰੁਪਏ ਤੋਂ 1,00,000ਰੁਪਏ ਤੱਕ ਦੇ ਜੁਰਮਾਨੇ ਲਾਏ ਗਏ ਹਨ।