ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਮਗਰੋਂ ਐਸਆਈਟੀ ਦਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਮਾਮਲਾ ਫਿਰ ਤੋਂ ਪੂਰੀ ਤਰ੍ਹਾਂ ...

Captain Amrinder Singh

ਚੰਡੀਗੜ੍ਹ : ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਮਾਮਲਾ ਫਿਰ ਤੋਂ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਹੁਣ ਇਸ ਮਾਮਲੇ ਦੀ ਜਾਂਚ ਲਈ ਵਧੀਕ ਡੀਜੀਪੀ (ਇਨਵੈਸਟੀਗੇਸ਼ਨ) ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਰ ਦਿਤਾ ਗਿਆ ਹੈ।

ਇਸ ਟੀਮ ਵਿਚ ਆਈਜੀ ਅਰੁਣਪਾਲ ਸਿੰਘ, ਆਈਜੀ ਕੁੰਵਰ ਵਿਜੇਪ੍ਰਤਾਪ ਸਿੰਘ, ਐਸਐਸਪੀ ਕਪੂਰਥਲਾ ਸਤਿੰਦਰ ਸਿੰਘ ਅਤੇ ਪੁਲਿਸ ਰੰਗਰੂਟ ਟ੍ਰੇਨਿੰਗ ਸੈਂਟਰ ਜਹਾਨ ਖੇਲਾਂ ਦੇ ਇੰਚਾਰਜ ਕਮ ਕਮਾਡੈਂਟ ਭੁਪਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। 

ਦਸ ਦਈਏ ਕਿ ਪਿਛਲੇ ਦਿਨੀਂ ਵਿਧਾਨ ਸਭਾ ਵਿਚ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਹੋਈ ਬਹਿਸ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਐਸਆਈਟੀ ਨੂੰ ਸੌਂਪੇ ਜਾਣ ਦੀ ਮੰਗ ਕੀਤੀ ਸੀ, ਜਦਕਿ ਕਿ ਅਕਾਲੀ ਦਲ ਵਲੋਂ ਇਸ ਸੈਸ਼ਨ ਤੋਂ ਸਮਾਂ ਘੱਟ ਦੇਣ ਦੀ ਗੱਲ ਕਹਿ ਕੇ ਬਾਈਕਾਟ ਕਰ ਦਿਤਾ ਗਿਆ ਸੀ। 

ਹੁਣ ਇਹ ਜਾਂਚ ਟੀਮ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਣ, ਪਿੰਡ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਡੂੰਘਾਈ ਨਾਲ ਪੜਤਾਲ ਕਰੇਗੀ ਤਾਂ ਜੋ ਇਸ ਮੰਦਭਾਗੀ ਘਟਨਾ ਦਾ ਅਸਲ ਸੱਚ ਸਾਹਮਣੇ ਆ ਸਕੇ ਅਤੇ ਸਬੰਧਤ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾ ਸਕੇ। 

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ 'ਤੇ ਅਧਾਰਤ ਜਾਂਚ ਕਮਿਸ਼ਨ ਵਲੋਂ ਸਰਕਾਰ ਨੂੰ ਸੌਂਪੀ ਪੜਤਾਲੀਆ ਰਿਪੋਰਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 14 ਪੁਲਿਸ ਅਫਸਰਾਂ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਗਏ ਹਨ।

ਜਿਸ ਤੋਂ ਬਾਅਦ ਪੰਜਾਬ ਵਿਚ ਕਈ ਥਾਵਾਂ 'ਤੇ ਅਕਾਲੀ ਦਲ ਦਾ ਜ਼ਬਰਦਸਤ ਵਿਰੋਧ ਹੋਇਆ ਹੈ।

Related Stories