ਆਉਂਦੇ ਤਿੰਨ ਸਾਲਾਂ ਦੌਰਾਨ ਅਧਿਆਪਕਾਂ ਦੀ ਨਹੀਂ ਕੀਤੀ ਜਾਵੇਗੀ ਬਦਲੀ : ਸੋਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਸਕੂਲਾਂ ਦੀ  ਮਾਨਤਾ ਪ੍ਰਾਪਤ ਐਫੀਲੀਏਟਿਡ ਐਸੋਸੀਏਸ਼ਨ (ਰਾਸਾ) ਵੱਲੋਂ ਸਥਾਨਕ ਵਿਰਸਾ ਵਿਹਾਰ ਕੇਂਦਰ ਵਿਖੇ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ

OP SONI

ਅੰਮ੍ਰਿਤਸਰ,  : ਅੱਜ ਸਕੂਲਾਂ ਦੀ  ਮਾਨਤਾ ਪ੍ਰਾਪਤ ਐਫੀਲੀਏਟਿਡ ਐਸੋਸੀਏਸ਼ਨ (ਰਾਸਾ) ਵੱਲੋਂ ਸਥਾਨਕ ਵਿਰਸਾ ਵਿਹਾਰ ਕੇਂਦਰ ਵਿਖੇ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਾਸਾ ਨਾਲ ਸਬੰਧਤ ਸਕੂਲਾਂ ਦੇ 250 ਤੋਂ ਵੱਧ ਅਧਿਆਪਕਾਂ ਨੂੰ ਸਨਮਾਨਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿੱਚ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਸਮਾਜ ਵਿੱਚ ਸਭ ਤੋਂ ਉਚਾ ਰੁਤਬਾ ਅਧਿਆਪਕਾਂ ਦਾ ਹੁੰਦਾ ਹੈ ਅਤੇ ਅਧਿਆਪਕ ਹੀ ਬੱਚਿਆਂ ਦੇ ਆਉਣ ਵਾਲੇ ਭੱਵਿੱਖ ਦਾ ਨਿਰਮਾਣ ਕਰਦੇ ਹਨ।

 ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਪੜਾਉਣ। ਸ੍ਰੀ ਸੋਨੀ ਨੇ ਸਨਮਾਨਤ ਹੋਣ ਵਾਲੇ ਅਧਿਆਪਕਾਂ ਨੂੰ ਕਿਹਾ ਕਿ ਤੁਹਾਡੀ ਡਿਊਟੀ ਹੋਰ ਵੀ ਵੱਧ ਜਾਂਦੀ ਹੈ ਕਿ ਤੁਸੀਂ ਬੱਚਿਆਂ ਨੂੰ ਚੰਗੀ ਸਿਖਿਆ ਪ੍ਰਦਾਨ ਕਰੋ। ਮੈਨੂੰ ਉਮੀਦ ਹੈ ਕਿ ਤੁਸੀਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪ੍ਰਤੀਬੱਧਤਾ ਨਾਲ ਬੱਚਿਆਂ ਨੂੰ ਸਿਖਿਆ ਦਿਓਗੇ। ਬਾਰਡਰ ਏਰੀਏ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਗਿਆ ਹੈ। 

ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੀ ਬਦਲੀਆਂ ਕਰ ਦਿੱਤੀਆਂ ਹਨ ਹੁਣ ਆਉਂਦੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਧਿਆਪਕ ਦੀ ਬਦਲੀ ਨਹੀਂ ਕੀਤੀ ਜਾਵੇਗੀ।  ਕੇਵਲ ਉਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਤੇ ਗੌਰ ਕੀਤਾ ਜਾਵੇਗਾ ਜਿਹੜੇ ਕਿਸੇ ਬਿਮਾਰੀ ਨਾਲ ਪੀੜਤ ਜਾਂ ਦਿਵਿਆਂਗ ਹੋਣਗੇ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਸਿਖਿਆ ਪੱਖੋਂ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ ਅਤੇ ਸਾਰੇ ਸਰਕਾਰੀ ਸਕੂਲਾਂ ਦੀਆਂ ਵਧੀਆ ਇਮਾਰਤਾਂ ਅਤੇ ਸਮਾਰਟ ਕਲਾਸਾਂ, ਕੰਪਿਊਟਰ ਅਤੇ ਇੰਟਰਨੈਟ ਨਾਲ ਲੈਸ ਕੀਤਾ ਜਾਵੇਗਾ।

ਇਸ ਸਨਮਾਨ ਸਮਾਰੋਹ ਦੌਰਾਨ ਸ੍ਰੀ ਸੋਨੀ ਨੇ ਰਾਸਾ ਸਕੂਲਾਂ ਦੇ ਕਰੀਬ 250 ਅਧਿਆਪਕਾਂ ਨੂੰ ਸਨਮਾਨਤ ਕੀਤਾ। ਇਸ ਸਮਾਰੋਹ ਦੌਰਾਨ ਰਾਸਾ ਵੱਲੋਂ ਵੀ ਸ੍ਰੀ ਸੋਨੀ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਰਾਸਾ ਦੇ ਜਨਰਲ ਸਕੱਤਰ ਸ੍ਰੀ ਕੁਲਵੰਤ ਰਾਏ ਸ਼ਰਮਾ ਨੇ ਸਕੂਲਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਸਿਖਿਆ ਮੰਤਰੀ ਨੂੰ ਜਾਣੂੰ ਕਰਵਾਇਆ।