ਮੁੱਖ ਮੰਤਰੀ ਨੇ ਸੰਤ ਸਮਾਜ ਕੋਲੋਂ ਸਮਾਗਮ ਦੀ ਸਫ਼ਲਤਾ ਲਈ ਵਡਮੁੱਲੇ ਸੁਝਾਅ ਮੰਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਗਲੇ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪਧਰੀ ਸਮਾਗਮ ਦੀ ਸਫ਼ਲਤਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

captain amrinder singh with sant samaj

ਕਪੂਰਥਲਾ,(ਅਵਤਾਰ ਗਿੱਲ) : ਅਗਲੇ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪਧਰੀ ਸਮਾਗਮ ਦੀ ਸਫ਼ਲਤਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਤ ਸਮਾਜ ਤੋਂ ਇਸ ਸਮਾਗਮ ਵਡਮੁੱਲੇ ਵਿਚਾਰਾਂ, ਸੁਝਾਵਾਂ ਅਤੇ ਸਹਿਯੋਗ ਦੀ ਮੰਗ ਕੀਤੀ। ਅੱਜ ਇਥੇ ਸੰਤ ਸਮਾਜ ਦੇ ਪ੍ਰਤੀਨਿਧਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਹ ਸਮਾਗਮ ਉਨ੍ਹਾਂ ਦੀ ਸਰਕਾਰ ਦੌਰਾਨ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਵੇਗੀ ਅਤੇ ਉਨ੍ਹਾਂ ਇਸ ਸਬੰਧੀ ਕੇਂਦਰ ਸਰਕਾਰ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਸੰਤ ਸਮਾਜ ਦੇ ਪ੍ਰਤੀਨਿਧਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਵਡਮੁੱਲੇ ਸੁਝਾਅ ਅਤੇ ਵਿਚਾਰ ਪੇਸ਼ ਕਰਨ ਤਾਂ ਜੋ ਸਮਾਗਮਾਂ ਦੀ ਰੂਪ-ਰੇਖਾ ਨੂੰ ਅੰਤਮ ਛੋਹਾਂ ਦਿਤੀਆਂ ਜਾ ਸਕਣ।  


ਮੁੱਖ ਮੰਤਰੀ ਨੇ ਕਿਹਾ ਕਿ ਸੰਤ ਸਮਾਜ ਵਲੋਂ ਦਿਤੇ ਸੁਝਾਵਾਂ ਨੂੰ ਕਮੇਟੀ ਵਲੋਂ ਬਣਾਏ ਖ਼ਾਕੇ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਉਸ ਵਿਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਬਾਬਾ ਸਰਬਜੋਤ ਸਿੰਘ ਬੇਦੀ ਨੂੰ ਬੇਨਤੀ ਕੀਤੀ ਕਿ ਸੰਤ ਸਮਾਜ ਦੇ ਨੁਮਾਇੰਦਿਆਂ ਦੀ ਇਕ ਕਮੇਟੀ ਗਠਿਤ ਕੀਤੀ ਜਾਵੇ, ਜਿਹੜੀ ਕਿ ਸਮਾਗਮਾਂ ਸਬੰਧੀ ਪ੍ਰੋਗਰਾਮਾਂ ਨੂੰ ਅੰਤਮ ਰੂਪ ਦੇਣ ਅਤੇ ਇਨ-ਬਿਨ ਲਾਗੂ ਕਰਨ ਲਈ ਰਾਜ ਸਰਕਾਰ ਵਲੋਂ ਕਮੇਟੀ ਨਾਲ ਲਗਾਤਾਰ ਰਾਬਤਾ ਰੱਖੇ। 


ਮੁੱਖ ਮੰਤਰੀ ਨੇ ਪੰਜਾਬ ਅਤੇ ਮੁਲਕ ਦੇ ਹੋਰਨਾਂ ਸੂਬਿਆਂ ਵਿਚੋਂ ਪਹੁੰਚੇ ਸੰਤ ਸਮਾਜ ਦੇ ਮੈਂਬਰਾਂ ਨੂੰ ਦਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਗੁਰੂ ਜੀ ਦੇ ਜੀਵਨ ਨਾਲ ਨੇੜੇ ਤੋਂ ਜੁੜੀਆਂ ਇਤਿਹਾਸਕ ਥਾਵਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਬਟਾਲਾ ਵਿਖੇ ਮਨਾਉਣ ਦਾ ਫ਼ੈਸਲਾ ਕੀਤਾ ਹੈ। 


ਮੁੱਖ ਮੰਤਰੀ ਨੇ ਦਸਿਆ ਕਿ ਰਾਜ ਸਰਕਾਰ ਦੇ ਸੁਝਾਅ 'ਤੇ ਪ੍ਰਧਾਨ ਮੰਤਰੀ ਨੇ ਸਮਾਗਮਾਂ ਸਬੰਧੀ ਇਕ 36 ਮੈਂਬਰੀ ਰਾਸ਼ਟਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਵਿਚ ਕੰਮ ਕਰੇਗੀ, ਜਿਸ ਵਿਚ ਕੇਂਦਰੀ ਵਿੱਤ ਮੰਤਰੀ, ਮੁੱਖ ਮੰਤਰੀ ਪੰਜਾਬ, ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਸੂਬਾ ਸਰਕਾਰ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਵੀ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਮਸ਼ਵਰਾ ਲਿਆ ਜਾ ਰਿਹਾ ਹੈ।