‘ਬਸੇਰਾ’ ਸਕੀਮ ਤਹਿਤ 8141 ਬੇਘਰੇ ਪ੍ਰਵਾਰਾਂ ਦਾ ਅਪਣੇ ਘਰ ਦਾ ਸੁਪਨਾ ਹੋਇਆ ਸਾਕਾਰ : ਮੁੱਖ ਸਕੱਤਰ

ਏਜੰਸੀ

ਖ਼ਬਰਾਂ, ਪੰਜਾਬ

‘ਬਸੇਰਾ’ ਸਕੀਮ ਤਹਿਤ 8141 ਬੇਘਰੇ ਪ੍ਰਵਾਰਾਂ ਦਾ ਅਪਣੇ ਘਰ ਦਾ ਸੁਪਨਾ ਹੋਇਆ ਸਾਕਾਰ : ਮੁੱਖ ਸਕੱਤਰ

image

ਛੇ ਹੋਰ ਝੁੱਗੀ-ਝੌਂਪੜੀ ਵਾਲਿਆਂ ਨੂੰ ਦਿਤੇ ਮਾਲਕਾਨਾ ਹੱਕ

ਚੰਡੀਗੜ੍ਹ, 11 ਸਤੰਬਰ (ਸ.ਸ.ਸ.) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਤਹਿਤ ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ, ਜਲੰਧਰ, ਮਾਨਸਾ, ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਝੁੱਗੀ-ਝੌਂਪੜੀ ਵਾਲੀਆਂ (ਸਲੱਮ) ਛੇ ਹੋਰ ਥਾਵਾਂ ’ਤੇ ਰਹਿਣ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਵਾਨਗੀ ਦੇ ਦਿਤੀ ਹੈ। ਇਹ ਪ੍ਰਵਾਨਗੀ ਇਥੇ ‘ਬਸੇਰਾ’ ਸਕੀਮ ਅਧੀਨ ਸੰਚਾਲਨ ਕਮੇਟੀ ਦੀ ਪੰਜਵੀਂ ਮੀਟਿੰਗ, ਜਿਸ ਦੀ ਪ੍ਰਧਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕੀਤੀ, ਵਿਚ ਦਿਤੀ ਗਈ।
ਇਸ ਫ਼ੈਸਲੇ ਨਾਲ ਹੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੁਣ ਤਕ 46 ਝੁੱਗੀ-ਝੌਂਪੜੀ ਵਾਲੀਆਂ ਥਾਵਾਂ ’ਤੇ ਰਹਿੰਦੇ 8,141 ਪਰਵਾਰਾਂ ਨੂੰ ਘਰਾਂ ਦੇ ਮਾਲਕੀ ਹੱਕ ਮਿਲ ਗਏ ਹਨ।
ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ‘ਬੇਘਰਿਆਂ ਲਈ ਘਰ’ ਸਕੀਮ ਦੀ ਮਹੀਨਾਵਾਰ ਸਮੀਖਿਆ ਕਰਨ ਦੇ ਆਦੇਸ਼ ਦਿਤੇ ਤਾਂ ਜੋ ਝੁੱਗੀ-ਝੌਂਪੜੀ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਂਦੀ ਜਾ ਸਕੇ ਅਤੇ ਛੇਤੀ ਤੋਂ ਛੇਤੀ ਉਨ੍ਹਾਂ ਦਾ ਅਪਣਾ ਘਰ ਹੋਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਲੋਕ-ਪੱਖੀ ਯੋਜਨਾ ਦੇ ਨਿਰਵਿਘਨ ਅਮਲ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਵੀ ਦਿਤੇ। 
ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਪੀ.ਡਬਲਿਊ.ਡੀ. ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।