'ਜਥੇਦਾਰ' ਨੇ ਭਾਰਤ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਸਰਕਾਰ ਵਲੋਂ 8 ਜੂਨ ਤੋਂ ਸਾਰੇ ਭਾਰਤ ਅੰਦਰ ਧਾਰਮਕ ਅਸਥਾਨ ਖੋਲ੍ਹ ਦਿਤੇ ਗਏ ਹਨ

Giani Harpreet Singh

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਦੀ ਅਪੀਲ ਕੀਤੀ ਹੈ। 'ਜਥੇਦਾਰ' ਨੇ ਕਿਹਾ ਕਿ ਪਾਕਿਸਤਾਨ ਵਲੋਂ ਵੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਦਿਤਾ ਗਿਆ ਹੈ ਤੇ ਹੁਣ ਭਾਰਤ ਸਰਕਾਰ ਨੂੰ ਵੀ ਯਾਤਰੀਆਂ ਲਈ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹ ਦੇਣਾ ਚਾਹੀਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹੇ ਗਏ ਇਸ ਇਤਿਹਾਸਕ ਲਾਂਘੇ ਨੂੰ ਹੁਣ ਭਾਰਤ ਸਰਕਾਰ ਨੂੰ ਵੀ ਖੋਲ੍ਹ ਦੇਣਾ ਚਾਹੀਦਾ ਹੈ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰਦਵਾਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਦਰਸ਼ਨ ਦੀਦਾਰੇ ਕਰ ਸਕਣ।

ਭਾਰਤ ਸਰਕਾਰ ਵਲੋਂ 8 ਜੂਨ ਤੋਂ ਸਾਰੇ ਭਾਰਤ ਅੰਦਰ ਧਾਰਮਕ ਅਸਥਾਨ ਖੋਲ੍ਹ ਦਿਤੇ ਗਏ ਹਨ। ਸੋ ਹੁਣ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਸੰਗਤਾਂ ਲਈ ਕਰਤਾਰਪੁਰ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਬਹੁਤ ਸਾਰੇ ਗੁਰਪੁਰਬ ਅਤੇ ਤਿਉਹਾਰ ਆ ਰਹੇ ਹਨ।