14 ਅਕਤੂਬਰ ਤੱਕ ਜਾਰੀ ਰਹੇਗਾ ਰੇਲ ਰੋਕੋ ਅੰਦੋਲਨ- ਸਰਵਣ ਸਿੰਘ ਪੰਧੇਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

25 ਅਕਤੂਬਰ ਨੂੰ ਸੂਬੇ ਵਿਚ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ

Sarvan Singh Pandher

ਅੰਮ੍ਰਿਤਸਰ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ਵਿਖੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਰੇਲ ਰੋਕੋ ਅੰਦੋਲਨ ਅੱਜ 18ਵੇਂ ਦਿਨ ਵੀ ਜਾਰੀ ਰਿਹਾ। 

ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਏ ਗਏ ਇਸ ਪੱਕੇ ਮੋਰਚੇ ਵਿਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਖ ਵੱਖ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਲਗਾਇਆ ਗਿਆ ਇਹ ਧਰਨਾ 14 ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗਾ।

ਇਸ ਤੋਂ ਇਲਾਵਾ 23 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਤੇ ਅੰਬਾਨੀ ਦੇ ਵੱਡੇ ਪੁਤਲੇ ਬਣਾ ਕੇ ਰਣਜੀਤ ਐਵਿਨਿਊ ਅੰਮ੍ਰਿਤਸਰ ਵਿਖੇ ਸਾੜੇ ਜਾਣਗੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਰੋਸ ਵਜੋਂ 25 ਅਕਤੂਬਰ ਨੂੰ ਪੰਜਾਬ ਭਰ ਵਿਚ ਪਿੰਡ ਪੱਧਰੀ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।