ਪਰਿਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਕੀਤੀ ਮੁਲਾਕਾਤ

Sukhbir Badal pays obeisance at Darbar Sahib with his family

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਵੇਰੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਨਾਲ ਉਹਨਾਂ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬੱਚੇ ਵੀ ਸ਼ਾਮਲ ਸਨ।

ਬਾਦਲ ਪਰਿਵਾਰ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ ਅਤੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਦਰਅਸਲ ਸੁਖਬੀਰ ਬਾਦਲ ਉਹਨਾਂ ਵਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ 'ਤੇ ਪਹੁੰਚੇ ਸਨ।  ਸਮੂਹ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਂਟ ਕੀਤਾ ਗਏ।

ਇਸ ਉਪਰੰਤ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਵੀ ਮੌਜੂਦ ਸਨ।  ਇਸ ਸਬੰਧੀ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਅਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਵੀ ਸਾਂਝੀ ਕੀਤੀ।

ਸੁਖਬੀਰ ਬਾਦਲ ਨੇ ਫੇਸਬੁੱਕ 'ਤੇ ਲਿਖਿਆ, ' ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ।।
ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਚਰਨਾਂ 'ਚ ਹਾਜ਼ਰੀ ਭਰੀ ਅਤੇ ਪਾਵਨ ਗੁਰਬਾਣੀ ਤੇ ਸ਼ਬਦ ਕੀਰਤਨ ਸਰਵਣ ਕੀਤਾ। ਗੁਰੂ ਮਹਾਰਾਜ ਜੀ ਨੂੰ ਅਰਦਾਸ ਕੀਤੀ ਕਿ ਸਰਬੱਤ ਸੰਗਤ ਦਾ ਭਲਾ ਹੋਵੇ ਤੇ ਪੰਜਾਬ ਦੀ ਕਿਰਸਾਨੀ 'ਤੇ ਛਾਏ ਸੰਕਟ ਜਲਦ ਦੂਰ ਹੋਣ।'

ਬੀਬੀ ਬਾਦਲ ਨੇ ਫੇਸਬੁੱਕ 'ਤੇ ਲਿਖਿਆ, 'ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ।।
ਬੱਚਿਆਂ ਅਤੇ ਸੁਖਬੀਰ ਜੀ ਨਾਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਸਮਰੱਥ ਸਤਿਗੁਰਾਂ ਦੇ ਚਰਨਾਂ 'ਚ ਅਰਦਾਸ ਕੀਤੀ ਕਿ ਸਭ ਪਾਸੇ ਸੁੱਖਾਂ ਦਾ ਪਸਾਰਾ ਹੋਵੇ, ਅਤੇ ਸਿਰਪਾਓ ਦੀ ਬਖਸ਼ਿਸ਼ ਲਈ ਸਮੂਹ ਪ੍ਰਬੰਧਕਾਂ ਦੇ ਸ਼ੁਕਰਗੁਜ਼ਾਰ ਹਾਂ।'