ਯੂਟੀ ਪ੍ਰਸ਼ਾਸਨ ਚੰਡੀਗੜ੍ਹ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਪੱਬਾਂ ਭਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ 185 ਚਾਲਾਨ ਕੱਟੇ ਤੇ 529 ਲੋਕਾਂ ਨੂੰ ਨੋਟਿਸ ਭੇਜੇ

Challan

ਚੰਡੀਗੜ੍ਹ (ਨਰਿੰਦਰ ਸਿੰਘ ਝਾਂਮਪੁਰ) : ਯੂਟੀ ਪ੍ਰਸ਼ਾਸਨ ਚੰਡੀਗੜ੍ਹ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਪੱਬਾਂ ਭਾਰ ਹੈ। ਸ਼ਹਿਰ ਵਿੱਚ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਪ੍ਰਦੂਸ਼ਣ ਜਾਂਚ ਲਈ ਸਖਤੀ ਵਰਤੀ ਜਾਵੇਗੀ। ਅਜਿਹੇ ਵਾਹਨਾਂ ਦੀ ਜਾਂਚ ਲਈ ਯੂਟੀ ਪ੍ਰਸ਼ਾਸਨ ਤਰਫ਼ੋਂ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਟੀਮ ਬਣਾਈ ਜਾ ਰਹੀ ਹੈ। ਇਹ ਟੀਮ ਸ਼ਹਿਰ ’ਚ ਦਾਖਲ ਹੋਣ ਵਾਲੀਆਂ ਥਾਵਾਂ ’ਤੇ ਨਾਕਾਬੰਦੀ ਕਰ ਕੇ ਬਾਹਰਲੇ ਸੂਬਿਆਂ ਵਿਚੋਂ ਚੰਡੀਗੜ੍ਹ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ਦੇ ਪ੍ਰਦੂਸ਼ਣ ਸਰਟੀਫ਼ਿਕੇਟਾਂ ਦੀ ਜਾਂਚ ਕਰੇਗੀ।

ਜਿਹੜਾ ਵਾਹਨ ਬਿਨਾਂ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਪਾਇਆ ਜਾਵੇਗਾ, ਉਸ ਵਾਹਨ ਦੇ ਡਰਾਈਵਰ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਯੂਟੀ ਦੀ ਸਲਾਹਕਾਰ ਕੌਂਸਲ ਦੀ ਮੀਟਿੰਗ ਵਿਚ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਦਸਿਆ ਕਿ ਸ਼ਹਿਰ ’ਚ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਾਹਨ ਜ਼ਿਆਦਾ ਪ੍ਰਦੂਸ਼ਣ ਫੈਲਾਉਂਦੇ ਹਨ ਜਿਸ ਕਰ ਕੇ ਯੂਟੀ ਦੇ ਪ੍ਰਸ਼ਾਸਕ ਨੇ ਅਜਿਹੇ ਵਾਹਨਾਂ ਵਿਰੁਧ ਕਾਰਵਾਈ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੀ ਹਦਾਇਤ ਦਿਤੀ ਹੈ।

ਯੂਟੀ ਪ੍ਰਸ਼ਾਸਨ ਅਨੁਸਾਰ ਪੁਲਿਸ ਨੇ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਹੇਠ ਇਸ ਸਾਲ 30 ਸਤੰਬਰ ਤਕ 185 ਵਾਹਨਾਂ ਦੇ ਚਾਲਾਨ ਕੱਟੇ ਹਨ ਅਤੇ 529 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਸ਼ਹਿਰ ’ਚ ਵਾਹਨ ਚਾਲਕਾਂ ਵੱਲੋਂ ਪ੍ਰਦੂਸ਼ਣ ਸਬੰਧੀ ਵਰਤੀ ਜਾ ਰਹੀ ਅਣਗਹਿਲੀ ਕਾਰਨ ਯੂਟੀ ਪ੍ਰਸ਼ਾਸਨ ਸਖਤ ਕਰਨ ਦੀ ਤਿਆਰੀ ਕਰ ਰਿਹਾ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਆਦੇਸ਼ਾਂ ਅਨੁਸਾਰ ਚੰਡੀਗੜ੍ਹ ਨੂੰ ਪ੍ਰਦੂਸ਼ਣ-ਮੁਕਤ ਸ਼ਹਿਰ ਬਣਾਉਣ ਲਈ ਕਾਰਜ ਕੀਤੇ ਜਾ ਰਹੇ ਹਨ। ਇਸ ਲਈ ਸ਼ਹਿਰ ’ਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਸਖਤੀ ਵਰਤੀ ਜਾਵੇਗੀ।