ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ’ਚ ਲਿਆਂਦੀ ਤੇਜ਼ੀ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ, ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਪਾਰਦਰਸ਼ਤਾ ਨਾਲ ਫੰਡਾਂ ਦੀ ਵਰਤੋਂ ਕਰਦਿਆਂ ਸਾਰੇ ਕਾਰਜਸ਼ੀਲ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।
ਲੋਕ ਨਿਰਮਾਣ ਮੰਤਰੀ ਨੇ ਸੂਬੇ ਭਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਵਿਆਪਕ ਇਮਾਰਤੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ 2097.03 ਕਰੋੜ ਰੁਪਏ ਦੇ ਪ੍ਰੋਜੈਕਟ ਨਿਰਮਾਣ ਦੇ ਵੱਖ-ਵੱਖ ਪੜਾਵਾਂ 'ਤੇ ਹਨ, ਜਿਨ੍ਹਾਂ ਵਿੱਚੋਂ 915.55 ਕਰੋੜ ਰੁਪਏ ਪਹਿਲਾਂ ਹੀ ਕਾਰਜਕਾਰੀ ਏਜੰਸੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ਨਿਗਰਾਨੀ ਹੇਠ ਕੁੱਲ 211 ਇਮਾਰਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਚੇਰੀ ਸਿੱਖਿਆ ਵਿਭਾਗ 477.13 ਕਰੋੜ ਰੁਪਏ ਦੇ 35 ਪ੍ਰੋਜੈਕਟਾਂ ਨਾਲ ਮੋਹਰੀ ਹੈ, ਇਸ ਉਪਰੰਤ ਸਿਹਤ ਵਿਭਾਗ ਦੇ 565.87 ਕਰੋੜ ਰੁਪਏ ਦੀ ਲਗਾਤ ਨਾਲ 39 ਇਮਾਰਤਾਂ ਦੇ ਨਿਰਮਾਣ ਨਾਲ ਦੂਜੇ ਅਤੇ ਮਾਲ ਵਿਭਾਗ 237.76 ਕਰੋੜ ਰੁਪਏ ਦੇ 32 ਪ੍ਰੋਜੈਕਟਾਂ ਨਾਲ ਤੀਜੇ ਸਥਾਨ 'ਤੇ ਹੈ। ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਇਮਾਰਤਾਂ ਦੀ ਯੋਜਨਾਬੰਦੀ ਅਤੇ ਡਿਜ਼ਾਈਨਿੰਗ ਆਰਕੀਟੈਕਚਰਲ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ 119.37 ਕਰੋੜ ਰੁਪਏ ਦੇ 13 ਸਕੂਲ ਸਿੱਖਿਆ ਪ੍ਰੋਜੈਕਟ ਚਲਾਏ ਜਾ ਰਹੇ ਹਨ, ਜਦੋਂ ਕਿ ਤਕਨੀਕੀ ਸਿੱਖਿਆ ਵਿਭਾਗ ਦੀਆਂ 52.33 ਕਰੋੜ ਰੁਪਏ ਦੀ ਲਾਗਤ ਵਾਲੀਆਂ 11 ਇਮਾਰਤਾਂ ਨਿਰਮਾਣ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ 84.13 ਕਰੋੜ ਰੁਪਏ ਦੇ ਪ੍ਰੋਜੈਕਟ ‘ਤੇ ਕੰਮ ਕਰ ਚਲ ਰਿਹਾ ਹੈ ਅਤੇ ਖੇਡ ਵਿਭਾਗ ਦੀਆਂ 16 ਇਮਾਰਤਾਂ 110.66 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਗ੍ਰਹਿ ਮਾਮਲਿਆਂ ਦੇ ਪ੍ਰਸ਼ਾਸਨਿਕ ਵਿਭਾਗ ਦੇ 83.92 ਕਰੋੜ ਰੁਪਏ ਦੇ ਦੋ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਹੋਰ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇੰਦਰ ਕੁਮਾਰ ਗੁਜਰਾਲ ਪੀ.ਟੀ.ਯੂ. ਦੇ 56.82 ਕਰੋੜ ਰੁਪਏ ਦੀ ਲਾਗਤ ਵਾਲੇ ਪੰਜ ਪ੍ਰੋਜੈਕਟ, ਐਸ.ਆਈ.ਪੀ.ਡੀ.ਏ. ਦੇ 33.43 ਕਰੋੜ ਰੁਪਏ ਦੇ 12 ਪ੍ਰੋਜੈਕਟ ਅਤੇ 275.61 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਭਾਗਾਂ ਦੀਆਂ 45 ਇਮਾਰਤਾਂ ਦੇ ਹੋਰ ਫੁਟਕਲ ਕਾਰਜ ਪ੍ਰਗਤੀ ਅਧੀਨ ਹਨ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਮਾਣ ਦੀ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਸਾਰੇ ਕਾਰਜਸ਼ੀਲ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।