ICCC ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਕੇ ਪੰਜਾਬ ਪੁਲਿਸ ਨੇ ਕਾਇਮ ਕੀਤੀ ਨਵੀਂ ਮਿਸਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪੁਲਿਸ ਵਲੋਂ ਆਧੁਨਿਕ ਤਕਨੀਕੀ ਦੀ ਸਹਾਇਤਾ ਨਾਲ ਸੁਰੱਖਿਆ ਦੇ ਖੇਤਰ ਵਿੱਚ ਨਵੀਂ ਪੁਲਾਂਘ ਭਰੀ ਗਈ।

Punjab Police has set a new benchmark by ensuring foolproof security arrangements in Sultanpur Lodhi

ਸੁਲਤਾਨਪੁਰ ਲੋਧੀ : ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾ ਕੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ।

ਵਿੱਤ ਮੰਤਰੀ ਵਲੋਂ ਅੱਜ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਪੰਜਾਬ ਪੁਲਿਸ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਅਮਨ ਕਾਨੂੰਨ ਦੀ ਸਥਿਤੀ 'ਤੇ ਪੂਰੀ ਚੌਕਸੀ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਇਹ ਇਕ ਸ਼ਲਾਘਾ ਯੋਗ ਉਪਰਾਲਾ ਹੈ ਜਿਸ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਨੇਕਾਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਅਮਨ ਕਾਨੂੰਨ ਦੀ ਵਿਵਥਾ ਨੂੰ ਬਰਕਰਾਰ ਰੱਖਣ ਲਈ ਇਹ ਵਿਸ਼ੇਸ਼ ਪਹਿਲ ਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਆਧੁਨਿਕ ਤਕਨੀਕੀ ਦੀ ਸਹਾਇਤਾ ਨਾਲ ਸੁਰੱਖਿਆ ਦੇ ਖੇਤਰ ਵਿੱਚ ਨਵੀਂ ਪੁਲਾਂਘ ਭਰੀ ਗਈ ਹੈ ਅਤੇ  ਭਵਿੱਖ ਵਿਚ ਜੁਰਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਇਸ ਵਿਧੀ ਨੂੰ ਅਪਣਾਇਆ ਜਾਵੇਗਾ। ਬਾਦਲ ਵਲੋਂ ਪੰਜਾਬ ਪੁਲਿਸ ਨੂੰ ਇਸ ਨੇਕ ਕਾਰਜ ਲਈ ਪੂਰੀ ਮਦਦ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ।

ਇਸ ਮੌਕੇ ਇੰਸਪੈਕਟਰ ਜਨਰਲ ਆਫ਼ ਪੁਲਿਸ ਨੌਨਿਹਾਲ ਸਿੰਘ ਵਲੋਂ ਮੰਤਰੀ ਜੀ ਨੂੰ ਆਈ.ਸੀ.ਸੀ.ਸੀ.ਦੀਆਂ ਵਿਸ਼ੇਸਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸੈਂਟਰ ਵਲੋਂ ਪਵਿੱਤਰ ਸ਼ਹਿਰ ਦੇ ਹਰ ਕੋਨੇ-ਕੋਨੇ 'ਤੇ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਪੂਰੀ ਚੌਕਸੀ ਨਾਲ ਨਿਗਰਾਨੀ ਕੀਤੀ ਜਾ ਰਹੀ । ਉਨ੍ਹਾਂ ਦਸਿਆ ਕਿ ਪਵਿੱਤਰ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।