ਬੇਅਦਬੀ ਦੀ ਇੱਕ ਹੋਰ ਘਟਨਾ! ਫਿਰੋਜ਼ਪੁਰ ਦੇ ਇਸ ਪਿੰਡ 'ਚ ਇਤਰਾਜ਼ਯੋਗ ਹਾਲਤ ਵਿੱਚ ਮਿਲੇ ਗੁਟਕਾ ਸਾਹਿਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਗਤਾਂ ਵਿੱਚ ਗੁੱਸੇ ਦਾ ਮਾਹੌਲ, ਇਨਸਾਫ਼ ਦੀ ਕਰ ਰਹੇ ਮੰਗ

Punjab News

ਫਿਰੋਜ਼ਪੁਰ : ਸੂਬੇ ਵਿਚ ਬੇਅਦਬੀ ਦੀਆਂ ਘਟਨਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਮਹਾਲਮ ਤੋਂ ਸਾਹਮਣੇ ਆਇਆ ਹੈ ਜਿਥੇ ਇਤਰਾਜ਼ਯੋਗ ਹਾਲਤ ਵਿਚ ਗੁਟਕਾ ਸਾਹਿਬ ਮਿਲਣ ਮਗਰੋਂ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਵੀਰ ਸਿੰਘ ਮਹਾਲਮ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲੱਗਿਆ ਸੀ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਖਾਲੀ ਥਾਂ 'ਤੇ ਗੁਟਕਾ ਸਾਹਿਬ ਪਏ ਹਨ। ਜਿਸ ਤੋਂ ਬਾਅਦ ਜਦ ਉਨ੍ਹਾਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਇੱਕ ਗੰਦਗੀ ਭਰੀ ਥਾਂ 'ਤੇ ਗੁਟਕਾ ਸਾਹਿਬ ਕਿਸੇ ਕਪੜੇ ਵਿਚ ਲਪੇਟ ਕੇ ਰੱਖਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਮਰਿਆਦਾ ਅਨੁਸਾਰ ਚੁੱਕ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਲਿਆਂਦਾ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਦੂਜੇ ਪਾਸੇ ਮੌਕੇ 'ਤੇ ਪਹੁੰਚੇ ਐਸ ਪੀ ਡੀ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਬਿਆਨਾਂ 'ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਚਾ ਵੀ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਕਿ ਇਹ ਬੇਅਦਬੀ ਕਰਨ ਵਾਲੇ ਬਾਰੇ ਪਤਾ ਲੱਗ ਸਕੇ।