ਆਪਣੀਆਂ ਮੰਗਾਂ ਨੂੰ ਲੈ ਕੇ ਫਿਰ ਧਰਨੇ 'ਤੇ ਬੈਠਣਗੇ ਕਿਸਾਨ, ਕਰਨਗੇ ਰੋਡ ਜਾਮ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਨੇ ਸਰਕਾਰ 'ਤੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਹੈ।

photo

 

 ਮੁਹਾਲੀ : ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਤਿਆਰੀ ਵਿੱਚ ਹਨ। ਕਿਸਾਨਾਂ ਨੇ ਸਰਕਾਰ 'ਤੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਹੈ। ਇਸ ਕਾਰਨ ਸੂਬੇ ਭਰ ਦੇ ਕਿਸਾਨ 16 ਨਵੰਬਰ ਨੂੰ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਗੇ।

ਕਿਸਾਨ ਪਟਿਆਲਾ, ਫਿਰੋਜ਼ਪੁਰ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਵਿੱਚ ਸੜਕਾਂ ਜਾਮ ਕਰਨਗੇ। ਇਸ ਮੌਕੇ ਦੱਸਿਆ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ 16 ਨਵੰਬਰ ਨੂੰ ਲੁਧਿਆਣਾ, ਰੋਪੜ, ਫਤਹਿਗੜ੍ਹ ਸਾਹਿਬ, ਮੁਹਾਲੀ ਅਤੇ ਪਟਿਆਲਾ ਦੇ ਹਜ਼ਾਰਾਂ ਕਿਸਾਨ ਅਤੇ ਮਜ਼ਦੂਰ ਪਟਿਆਲਾ-ਰਾਜਪੁਰਾ ਰੋਡ ’ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ਾ ’ਤੇ ਚੱਕਾ ਜਾਮ ਕਰਨਗੇ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸੜਕ ਜਾਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।

ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਪਿਛਲੇ ਮਹੀਨੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਮੁੱਖ ਸੜਕ ’ਤੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ। ਕਿਸਾਨਾਂ ਨੇ ਪੰਜਾਬ ਸਰਕਾਰ ਅੱਗੇ ਲਿਖਤੀ ਰੂਪ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਸ਼ਰਤ ਰੱਖੀ ਸੀ। ਇਸ ਸਬੰਧੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਦੀਆਂ ਮੰਗਾਂ ਲਿਖਤੀ ਤੌਰ ’ਤੇ ਮੰਨਣ ਮਗਰੋਂ 21ਵੇਂ ਦਿਨ ਹੜਤਾਲ ਖ਼ਤਮ ਕਰ ਦਿੱਤੀ ਗਈ ਪਰ ਹੁਣ ਕਿਸਾਨਾਂ ਨੇ ਸਰਕਾਰ ਨੂੰ ਮੁੜ ਚੇਤਾਵਨੀ ਦਿੱਤੀ ਹੈ।