ਮਹਿਲਾ ਸਸ਼ਕਤੀਕਰਨ 'ਆਪ' ਸਰਕਾਰ ਦੀ ਮੁੱਖ ਤਰਜੀਹ - ਡਾ. ਬਲਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ 

DR. BALJIT KAUR

ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ ਵਰਕਸ਼ਾਪ ਦਾ ਕੀਤਾ ਆਯੋਜਨ


ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਉਦੇਸ਼ ਤਹਿਤ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ 'ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ' ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਚੱਲ ਰਹੀਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਵਰਕਸ਼ਾਪ ਵਿੱਚ ਵੱਖ-ਵੱਖ ਖੇਤਰਾਂ ਦੇ ਲਗਭਗ 35 ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ, ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ, ਕਿਰਤ ਵਿਭਾਗ, ਸਮਾਜਿਕ ਨਿਆਂ ਵਿਭਾਗ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਯੂਨੀਵਰਸਿਟੀਆਂ ਦੇ ਖੋਜ  ਵਿਦਵਾਨਾਂ, ਕਾਨੂੰਨੀ ਮਾਹਿਰਾਂ, ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ, ਜ਼ਿਲ੍ਹੇ ਤੇ ਬਲਾਕ ਪੱਧਰ ਦੇ ਅਧਿਕਾਰੀਆਂ ਅਤੇ ਹੋਰ ਖੇਤਰਾਂ ਦੇ ਮਾਹਿਰਾਂ ਨੇ ਸ਼ਮੂਲੀਅਤ ਕੀਤੀ।

ਇਸ ਵਰਕਸ਼ਾਪ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਸਕੱਤਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਲਿੱਲੀ ਚੌਧਰੀ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।