ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣਾਂ ’ਚ 60.95 ਫ਼ੀਸਦੀ ਪਈਆਂ ਵੋਟਾਂ
ਵੋਟਾਂ ਪੈਣ ਦਾ ਕੰਮ ਪੂਰਨ ਅਮਨ-ਸ਼ਾਂਤੀ ਨਾਲ ਮੁਕੰਮਲ
ਤਰਨ ਤਾਰਨ: ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਵੋਟਾਂ ਪੈਣ ਦਾ ਕੰਮ ਪੂਰੇ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਿਆ ਹੈ। ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 60.95 ਫ਼ੀਸਦੀ ਦੇ ਕਰੀਬ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਅੱਜ ਸਵੇਰੇ 7:00 ਵਜੇ ਵੋਟਾਂ ਪੈਣ ਦਾ ਅਮਲ ਸ਼ੁਰੂ ਹੋਇਆ ਸੀ ਜੋ ਸ਼ਾਮ 6:00 ਵਜੇ ਤੱਕ ਪੁਰ ਅਮਨ ਤਰੀਕੇ ਨਾਲ ਮੁਕੰਮਲ ਹੋ ਗਿਆ। ਪੋਲਿੰਗ ਪ੍ਰਤੀਸ਼ਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਵੇਰੇ 9:00 ਵਜੇ ਤੱਕ ਵਿਧਾਨ ਸਭਾ ਹਲਕੇ ਵਿੱਚ 11 ਫ਼ੀਸਦੀ ਪੋਲਿੰਗ ਹੋਈ। ਉਸ ਤੋਂ ਬਾਅਦ 11:00 ਵਜੇ ਤੱਕ 23.05 ਫ਼ੀਸਦੀ, ਦੁਪਹਿਰ 1:00 ਵਜੇ ਤੱਕ 36.06 ਫ਼ੀਸਦੀ, ਬਾਅਦ ਦੁਪਹਿਰ 3:00 ਵਜੇ ਤੱਕ 47.48 ਫ਼ੀਸਦੀ ਅਤੇ ਸ਼ਾਮ ਪੰਜ ਵਜੇ ਤੱਕ 59.28 ਫ਼ੀਸਦੀ ਅਤੇ ਵੋਟਾਂ ਪੈਣ ਦੇ ਆਖ਼ਰੀ ਸਮੇਂ ਸ਼ਾਮ 6:00 ਵਜੇ ਤੱਕ 60.95 ਫ਼ੀਸਦੀ ਦੇ ਕਰੀਬ ਪੋਲਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਦੀ ਫਾਈਨਲ ਪ੍ਰਤੀਸ਼ਸਤਾ ਦੇਰ ਰਾਤ ਤੱਕ ਸ਼ਪੱਸ਼ਟ ਹੋ ਜਾਵੇਗੀ।
ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਅੱਜ ਵੋਟਾਂ ਪੈਣ ਦਾ ਸਮੁੱਚਾ ਅਮਲ ਬਹੁਤ ਹੀ ਸ਼ਾਂਤਮਈ, ਆਜ਼ਾਦਾਨਾ, ਨਿਰਪੱਖ ਅਤੇ ਤਰੁੱਟੀ ਰਹਿਤ ਮੁਕੰਮਲ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਾਰੇ 222 ਪੋਲਿੰਗ ਬੂਥਾਂ ਉੱਪਰ ਪੋਲਿੰਗ ਸਟਾਫ਼ ਅਤੇ ਵੋਟਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਅਤੇ ਵੋਟਰਾਂ ਨੇ ਬੜੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਵਾਰ ਹਰ ਪੋਲਿੰਗ ਬੂਥ ਦੇ ਬਾਹਰਵਾਰ ਵੋਟਰਾਂ ਦੇ ਮੋਬਾਇਲ ਫ਼ੋਨ ਨੂੰ ਜਮ੍ਹਾਂ ਕਰਨ ਲਈ ਵਿਸ਼ੇਸ਼ ਕੇਂਦਰ ਬਣਾਏ ਗਏ ਸਨ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਵੋਟਰਾਂ ਵੱਲੋਂ ਭਰਵਾਂ ਉਤਸ਼ਾਹ ਦਿਖਾਉਣ ਅਤੇ ਪੋਲਿੰਗ ਸਟਾਫ਼ ਦਾ ਸਹਿਯੋਗ ਕਰਨ ਲਈ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਇੱਕ-ਇੱਕ ਵੋਟ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਅਹਿਮ ਰੋਲ ਅਦਾ ਕਰੇਗੀ।
ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ, ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਾਇਨੀ ਐੱਸ ਅਤੇ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਦਾ ਯੋਗ ਅਗਵਾਈ ਲਈ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਵੱਖ-ਵੱਖ ਟੀਮਾਂ ਦੇ ਮੈਂਬਰਾਂ, ਪੋਲਿੰਗ ਸਟਾਫ਼ ਅਤੇ ਚੋਣਾਂ ਦੇ ਕੰਮ ਵਿੱਚ ਲੱਗੇ ਸਮੂਹ ਚੋਣ ਅਮਲੇ ਨੂੰ ਵੋਟਾਂ ਦਾ ਅਮਲ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸ਼ਾਬਾਸ਼ੀ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਅਤੇ ਹੋਰ ਚੋਣ ਅਮਲੇ ਵੱਲੋਂ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਚੋਣਾਂ ਦੌਰਾਨ ਸੁਰੱਖਿਆ ਦੇ ਪੱਖ ਤੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਸੁਰੱਖਿਆ ਜਵਾਨਾਂ ਨੇ ਆਪਣੀ ਪੇਸ਼ੇਵਾਰਾਨਾ ਪਹੁੰਚ ਨਾਲ ਸੇਵਾ ਨਿਭਾ ਕੇ ਆਪਣੀ ਰਿਵਾਇਤ ਨੂੰ ਕਾਇਮ ਰੱਖਿਆ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਸਾਰੀਆਂ ਈ.ਵੀ.ਐੱਮ. ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਤਰਨ ਤਾਰਨ ਵਿਖੇ ਬਣੇ ਸਟਰਾਂਗ ਰੂਮ ਵਿੱਚ ਜਮ੍ਹਾਂ ਕਰ ਦਿੱਤਾ ਗਿਆ ਹੈ ਅਤੇ 14 ਨਵੰਬਰ ਨੂੰ ਇੱਥੇ ਹੀ ਵੋਟਾਂ ਦੀ ਗਿਣਤੀ ਹੋਵੇਗੀ।
ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਵਿੱਚ 15 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ ਅਤੇ ਹਲਕੇ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਜ਼ਿਮਨੀ ਚੋਣ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਵਿਧਾਨ ਸਭਾ ਹਲਕੇ ਵਿੱਚ ਪੰਜਾਬ ਪੁਲਿਸ ਦੇ ਨਾਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਸਨ। ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਅਤੇ ਵੈਬਕਾਸਟਿੰਗ ਦੀ ਵਿਵਸਥਾ ਕੀਤੀ ਗਈ ਸੀ ਅਤੇ ਨਾਲ ਹੀ ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਸਥਾਨਾਂ ਨੂੰ 46 ਮਾਈਕ੍ਰੋ ਅਬਜ਼ਰਵਰ ਵੀ ਲਗਾਏ ਗਏ ਸਨ।