ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
ਗਲੌਕ, ਤਿੰਨ ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀਆਈ), ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਮੈਗਜ਼ੀਨਾਂ ਅਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਆਧੁਨਿਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਬਾਊਪੁਰ ਅਫਗਾਨਾ, ਗੁਰਦਾਸਪੁਰ ਅਤੇ ਨਵਪ੍ਰੀਤ ਸਿੰਘ ਵਾਸੀ ਪਿੰਡ ਮਾਛੀਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਯੂ.ਕੇ. ਅਧਾਰਤ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ, ਜਿਸਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਉਨ੍ਹਾਂ ਨੂੰ ਗੁਰਦਾਸਪੁਰ, ਬਟਾਲਾ ਅਤੇ ਅੰਮ੍ਰਿਤਸਰ ਖੇਤਰ ਵਿੱਚ ਕੁਝ ਵਿਅਕਤੀਆਂ ਦੀ ਰੇਕੀ ਕਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੂਬੇ ਵਿੱਚ ਦਹਿਸ਼ਤ ਅਤੇ ਸਮਾਜਿਕ ਅਸ਼ਾਂਤੀ ਭੰਗ ਕਰਨ ਲਈ ਮਿੱਥ ਕੇ ਹੱਤਿਆਵਾਂ ਕਰਨ ਦੀ ਯੋਜਨਾ ਬਣਾ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਪਹਿਲਾਂ ਇਸੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ ਹੋਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸੇ ਮਾਮਲੇ ਦੀ ਜਾਂਚ ਦੌਰਾਨ ਹੋਰ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।
ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਆਪ੍ਰੇਸ਼ਨ ਤੋਂ ਪ੍ਰਾਪਤ ਸੁਰਾਗਾਂ ਦੇ ਆਧਾਰ 'ਤੇ ਐਸਐਸਓਸੀ ਅੰਮ੍ਰਿਤਸਰ ਅਤੇ ਸੀਆਈ ਪਠਾਨਕੋਟ ਨੇ ਨੈੱਟਵਰਕ ਦੀਆਂ ਗਤੀਵਿਧੀਆਂ ਦੀ ਹੱਦ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕੀਤੀ, ਜਿਸ ਕਾਰਨ ਉਸੇ ਮਾਡਿਊਲ ਨਾਲ ਜੁੜੇ ਦੋ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਤਾ ਲਗਾਉਣ, ਇਸਨੂੰ ਖ਼ਤਮ ਕਰਨ ਅਤੇ ਇਸਦੇ ਪਿਛਲੇ-ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਕੇਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 48 ਮਿਤੀ 30.08.2025 ਪਹਿਲਾਂ ਹੀ ਦਰਜ ਹੈ।