Samrala ਦੇ ਘੁਲਾਲ ਟੋਲ ਪਲਾਜ਼ਾ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਹਮਲੇ ’ਚ ਟੋਲ ਮੈਨੇਜਰ ਸਮੇਤ ਦੋ ਵਿਅਕਤੀ ਹੋਏ ਜ਼ਖਮੀ
ਸਮਰਾਲਾ : ਲੁਧਿਆਣਾ ਜ਼ਿਲ੍ਹੇ ਅਧੀਨ ਆਉਂਦੇ ਸਮਰਾਲਾ ਨੇੜੇ ਨੈਸ਼ਨਲ ਹਾਈਵੇਅ ’ਤੇ ਪੈਂਦੇ ਘੁਲਾਲ ਟੋਲ ਪਲਾਜ਼ਾ ’ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਟੋਲ ਪਲਾਜ਼ਾ ਮੈਨੇਜਰ ’ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਟੋਲ ਮੈਨੇਜਰ ਗੰਭੀਰ ਜ਼ਖਮੀ ਹੋ ਗਿਆ ਜਦਕਿ ਉਸ ਨੂੰ ਬਚਾਉਣ ਲਈ ਆਏ ਇੱਕ ਹੋਰ ਸਟਾਫ ਮੈਂਬਰ ਨੂੰ ਵੀ ਗੋਲੀ ਲੱਗੀ। ਦੋਹਾਂ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਮਲੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਸਮਰਾਲਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਨਾਕੇ ਲਗਾ ਦਿੱਤੇ ਗਏ ਹਨ। ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਮਰਾਲਾ ਇਲਾਕੇ ਵਿੱਚ ਇਹ ਗੋਲੀਬਾਰੀ ਦੀ ਤੀਜੀ ਘਟਨਾ ਹੈ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜ਼ਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।