ਬ੍ਰਿਟਿਸ਼ ਕੋਲੰਬੀਆ ਦੀ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

British Columbia Speaker Raj Chauhan along with family pays obeisance at Sachkhand Sri Harmandir Sahib

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਜ ਚੌਹਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਸ੍ਰੀ ਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼ਾਮਲ ਹੋਣ ਲਈ ਸੱਦਾ ਮਿਲਿਆ ਸੀ, ਪਰੰਤੂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੋਣ ਕਾਰਨ ਉਹ ਉਸ ਸਮੇਂ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਸਮੁੱਚੀ ਮਾਨਵਤਾ ਲਈ ਅਧਿਆਤਮਕ ਦਾ ਸੋਮਾਂ ਹੈ, ਜਿਥੋਂ ਮਨੁੱਖਤਾ ਨੂੰ ਆਪਸੀ ਭਾਈਚਾਰੇ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸੱਦਾ ਪੱਤਰ ਅਤੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਕੈਨੇਡਾ ਨਿਵਾਸੀ ਸ. ਬਲਬੀਰ ਸਿੰਘ ਚੰਗਿਆੜਾ ਅਤੇ ਸ੍ਰੀ ਰਾਜ ਚੌਹਾਨ ਦੇ ਪਰਿਵਾਰਕ ਮੈਂਬਰ ਭਰਾ ਸ੍ਰੀ ਸੁਰਿੰਦਰਜੀਤ, ਪਤਨੀ ਸ੍ਰੀਮਤੀ ਇੰਦਰ ਚੌਹਾਨ ਅਤੇ ਬੇਟੀ ਅੰਮ੍ਰਿਤਾ ਚੌਹਾਨ ਆਦਿ ਮੌਜੂਦ ਸਨ।