ਅਕਾਲੀ ਦਲ ਕਰਤਾਰਪੁਰ ਲਾਂਘੇ ਦੇ ਮੁੱਦੇ 'ਤੇ ਸਿਆਸਤ ਕਰਨਾ ਬੰਦ ਕਰੇ: ਸਿੰਗਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਲਾਂਘੇ ਦੀ ਉਸਾਰੀ ਦੇ ਮੁੱਦੇ 'ਤੇ ਅਕਾਲੀ ਦਲ ਵਲੋਂ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ ਸੂਬੇ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਦਾਅਵਾ ਕੀਤਾ ਹੈ.....

Akali Dal stopped politics on the Kartarpur corridor issue : Singla

ਬਠਿੰਡਾ : ਕਰਤਾਰਪੁਰ ਲਾਂਘੇ ਦੀ ਉਸਾਰੀ ਦੇ ਮੁੱਦੇ 'ਤੇ ਅਕਾਲੀ ਦਲ ਵਲੋਂ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ ਸੂਬੇ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਹੁਣ ਗੇਂਦ ਕੇਂਦਰ ਦੇ ਪਾਲੇ ਵਿਚ ਹੈ। 
ਅੱਜ ਇਥੇ ਜ਼ਿਲ੍ਹੇ ਦੇ ਪੰਚਾਇਤੀ ਨੁਮਾਇੰਦਿਆਂ ਨੂੰ ਸਹੁੰ ਚੁਕਾਉਣ ਆਏ ਸ਼੍ਰੀ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਮਾਮਲੇ 'ਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ, ਬਲਕਿ ਪੰਜਾਬ ਸਰਕਾਰ ਵਲੋਂ ਕੇਂਦਰ ਨੂੰ ਇਸ ਲਾਂਘੇ ਬਾਰੇ ਭੇਜੀਆਂ ਗਈਆਂ

ਚਾਰ ਤਜਵੀਜ਼ਾਂ ਵਿਚੋਂ ਇਕ ਨੂੰ ਮੰਨਜੂਰ ਕਰਨ ਤੋਂ ਬਾਅਦ ਹੀ ਕਿਸਾਨਾਂ ਤੋਂ ਜ਼ਮੀਨ ਲੈਣ ਦੀ ਪ੍ਰਕ੍ਰਿਆ ਵਿੱਢੀ ਜਾਵੇਗੀ। ਸ਼੍ਰੀ ਸਿੰਗਲਾ ਨੇ ਅਸਿੱਧੇ ਢੰਗ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਸ਼ਾਇਦ ਇਸ ਗੱਲ ਤੋਂ ਅਣਜਾਣ ਹਨ ਕਿ ਵਿਭਾਗ ਦੇ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਇਕੱਲੀ ਪੰਜਾਬ ਅਤੇ ਕੇਂਦਰ ਸਰਕਾਰ ਦਾ ਮਾਮਲਾ ਨਹੀਂ, ਬਲਕਿ ਦੂਜੇ ਦੇਸ਼ ਨਾਲ ਸਬੰਧਤ ਹੋਣ ਕਾਰਨ ਇਸ ਮੁੱਦੇ ਨਾਲ ਕੇਂਦਰ ਦੇ ਕਈ ਮਹਿਕਮੇ, ਜਿਵੇਂ ਗ੍ਰਹਿ ਅਤੇ ਵਿਦੇਸ਼ ਤੋਂ ਇਲਾਵਾ ਰਖਿਆ ਅਤੇ ਲੋਕ ਨਿਰਮਾਣ ਵਿਭਾਗ ਆਦਿ ਵੀ ਜੁੜੇ ਹੋਏ ਹਨ,

ਜਿਸਦੇ ਚੱਲਦੇ ਸਾਰਿਆਂ ਨਾਲ ਤਾਲਮੇਲ ਜ਼ਰੂਰੀ ਹੈ ਅਤੇ ਪੰਜਾਬ ਵਲੋਂ ਉਕਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਪਹਿਲਾਂ ਹੀ ਕੇਂਦਰ ਤੋਂ ਪੈਸੇ ਮੰਗੇ ਜਾਣ ਸਬੰਧੀ ਪੁੱਛੇ ਜਾਣ 'ਤੇ ਸ਼੍ਰੀ ਸਿੰਗਲਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨਹੀਂ ਚਾਹੁੰਦੀ ਕਿ ਇਸ ਮਾਮਲੇ 'ਚ ਕੋਈ ਦੇਰੀ ਹੋਵੇ, ਇਸ ਲਈ ਕੇਂਦਰ ਨੂੰ ਇਹ ਰਾਸ਼ੀ ਨੂੰ ਤੁਰਤ ਜਾਰੀ ਕਰਨ ਲਈ ਕਿਹਾ ਹੈ। ਸ਼੍ਰੀ ਸਿੰਗਲਾ ਨੇ ਦਸਿਆ ਕਿ ਇਸ ਪ੍ਰਾਜੈਕਟ 'ਤੇ ਕਰੀਬ 100 ਕਰੋੜ ਖ਼ਰਚ ਆਉਣ ਦਾ ਅਨੁਮਾਨ ਹੈ, ਜਿਸ ਵਿਚੋਂ 25 ਕਰੋੜ ਜ਼ਮੀਨ ਲਈ, 55 ਕਰੋੜ ਸੜਕ ਉਸਾਰੀ ਅਤੇ ਬਾਕੀ ਦੇ ਦੂਜੇ ਕੰਮਾਂ ਲਈ ਰਾਸ਼ੀ ਖ਼ਰਚ ਹੋਵੇਗੀ।

ਸ਼ਹਿਰਾਂ 'ਚ ਰਿੰਗ ਰੋਡਜ਼ ਬਣਾਉਣ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਲਈ ਪਟਿਆਲਾ, ਬਠਿੰਡਾ, ਸੰਗਰੂਰ ਆਦਿ ਸ਼ਹਿਰਾਂ ਲਈ ਇਹ ਯੋਜਨਾ ਤਿਆਰ ਕਰ ਲਈ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹੇ ਦੇ ਪੰਚਾਇਤੀ ਨੁਮਾਇੰਦਿਆਂ ਨੂੰ ਸਹੁੰ ਚੁਕਾਉਂਦਿਆਂ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਵਿਕਾਸ ਕਾਰਜ਼ਾਂ ਨੂੰ ਹੇਠਲੇ ਪੱਧਰ 'ਤੇ ਲਿਜਾ ਕੇ ਪਿੰਡਾਂ ਦੀ ਨੁਹਾਰ ਬਦਲਣ ਵਿਚ ਅਪਣਾ ਯੋਗਦਾਨ ਪਾਉਣ।