ਸੁਖਦੇਵ ਢੀਂਡਸਾ 'ਤੇ ਪਰਮਿੰਦਰ ਢੀਂਡਸਾ ਨੂੰ ਅਕਾਲੀ ਦਲ 'ਚੋਂ ਕੀਤਾ ਗਿਆ ਮੁਅੱਤਲ

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ਵਿਚ ਲਏ ਹੋਰ ਵੀ ਵੱਡੇ ਫ਼ੈਸਲੇ

File Photo

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਤੋਂ ਬਾਗੀ ਹੋਏ ਪਿਓ-ਪੁੱਤਰ ਸੁਖਦੇਵ ਢੀਂਡਸਾ ਅਤੇ ਪਰਮਿੰਦਰ ਢੀਂਡਸਾ 'ਤੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਹੈ ਨਾਲ ਹੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਵਧਾਈ ਗਈ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਰਾਜਪਾਲ ਨੂੰ ਮਿਲਣ ਅਤੇ ਪਾਕਿਸਤਾਨ ਵਿਚ ਸਿੱਖਾਂ ਤੋਂ ਹੋ ਰਹੇ ਹਮਲਿਆਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਣ ਦਾ ਫ਼ੈਸਲਾ ਲਿਆ ਹੈ।  

ਚੰਡੀਗੜ੍ਹ ਵਿਖੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਪਾਰਟੀ ਵਿਰੁੱਧ ਬਗਾਵਤ 'ਤੇ ਉਤਰੇ ਸੁਖਦੇਵ ਸਿੰਘ ਢੀਂਡਸਾ ਅਤੇ ਉਸ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਤੋਂ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਦੋਵਾਂ ਪਿਓ-ਪੁੱਤਾ ਨੂੰ ਪਾਰਟੀ ਵਿਰੋਧੀ ਗਤੀਵਿਧੀਆ ਬਾਰੇ ਸਪੱਸ਼ਟੀਕਰਨ ਦੇਣ ਲਈ 2 ਹਫ਼ਤੇ ਦਾ ਸਮਾਂ ਦਿੱਤਾ ਹੈ। ਅਕਾਲੀ ਦਲ ਨੇ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਵਧਾਈ ਗਈ ਬਿਜਲੀ ਦੀ ਦਰਾਂ ਨੂੰ ਲੈ ਕੇ 15 ਜਨਵਰੀ ਨੂੰ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਇਕ ਮੰਗ ਪੱਤਰ ਸੌਂਪਣ ਦਾ ਫੈਸਲਾ ਕੀਤਾ ਹੈ।

ਇਸ ਤੋਂ ਇਲਾਵਾ ਪਿਛਲੇ ਸਮੇਂ ਪਾਕਿਸਤਾਨ ਦੇ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ, ਉੱਥੋ ਦੇ ਸਿੱਖਾਂ ਦੀ ਸੁਰੱਖਿਆ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਵੀ ਲਿਆ ਹੈ। ਅਕਾਲੀ ਦਲ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਉੱਤੇ ਮਨਾਉਣ ਬਾਰੇ ਵੀ ਅਮਿਤ ਸ਼ਾਹ ਨਾਲ ਗੱਲਬਾਤ ਕਰੇਗਾ।

ਪਾਰਟੀ ਨੇ ਇਹ ਵੀ ਤੈਅ ਕੀਤਾ ਹੈ ਕਿ ਪੰਜਾਬ ਦੇ ਭਖ਼ਦੇ ਮੁੱਦਿਆਂ 'ਤੇ 28 ਜਨਵਰੀ ਨੂੰ ਫਰੀਦਕੋਟ, 2 ਫਰਵਰੀ ਨੂੰ ਸੰਗਰੂਰ ਅਤੇ 16 ਫਰਵਰੀ ਨੂੰ ਬਠਿੰਡਾ ਵਿਖੇ ਧਰਨਾ ਦਿੱਤਾ ਜਾਵੇਗਾ ਨਾਲ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਵਾਸਤੇ ਅਲੱਗ ਅਲੱਗ ਕਮੇਟੀਆਂ ਬਣਾਈਆਂ ਗਈਆਂ ਹਨ